ਨਵਾਂਸ਼ਹਿਰ (ਦੇਸ ਰਾਜ ਬਾਲੀ):- ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਹੰਸ ਰਾਜ ਆਰੀਆ ਹਾਈ ਸਕੂਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਮੁੱਖ ਅਧਿਆਪਕਾ ਸ੍ਰੀਮਤੀ ਸੀਮਾ ਵਾਲੀਆ ਨੇ ਕੀਤੀ।
ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਡਾਕਟਰੀ ਸਲਾਹ ਤੋਂ ਬਿਨਾਂ ਕਿਸੇ ਦਵਾਈ ਜਾਂ ਹੋਰ ਨਸ਼ੀਲੇ ਪਦਾਰਥ ਦੀ ਵਰਤੋਂ ਕਰਦਾ ਹੈ, ਤਾਂ ਇਹ ਨਸ਼ੇ ਦੀ ਦੁਰਵਰਤੋਂ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਕਈ ਵਾਰ ਦੂਜੇ ਵਿਅਕਤੀਆਂ ਦੇ ਲਾਲਚ ਜਾਂ ਬਹਿਕਾਵੇ ਵਿੱਚ ਆ ਕੇ ਜਾਂ ਅਣਜਾਣਤਾ ਕਾਰਨ ਨਸ਼ਿਆਂ ਦੀ ਵਰਤੋਂ ਕਰਨ ਲੱਗ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਵਿਦਿਆਰਥੀ ਸਿਗਰਟ ਅਤੇ ਬੀੜੀ ਤੋਂ ਸ਼ੁਰੂਆਤ ਕਰਕੇ ਹੈਰੋਇਨ ਵਰਗੇ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦੇ ਹਨ, ਜੋ ਭਵਿੱਖ ਵਿੱਚ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ। ਨਸ਼ਾ ਅਤੇ ਵਿਦਿਆਰਥੀ ਜੀਵਨ ਇਕੱਠੇ ਨਹੀਂ ਚੱਲ ਸਕਦੇ, ਇਸ ਲਈ ਵਿਦਿਆਰਥੀਆਂ ਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੋਣਾ ਚਾਹੀਦਾ। ਨਸ਼ਾ ਵਿਅਕਤੀ ਨੂੰ ਬਰਬਾਦ ਕਰ ਦਿੰਦਾ ਹੈ ਅਤੇ ਨਸ਼ਿਆਂ ਦੀ ਵਰਤੋਂ ਨਾਲ ਕਦੇ ਵੀ ਕਾਮਯਾਬੀ ਨਹੀਂ ਮਿਲਦੀ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਜਾਣ ਵਿਅਕਤੀ ਦੇ ਬਹਿਕਾਵੇ ਵਿੱਚ ਆ ਕੇ ਕਿਸੇ ਵੀ ਕਿਸਮ ਦੇ ਨਸ਼ੇ ਦੀ ਵਰਤੋਂ ਨਾ ਕਰਨ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ ਇਸ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਕੈਂਪ ਦੌਰਾਨ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਮੁੱਖ ਅਧਿਆਪਕਾ ਸ੍ਰੀਮਤੀ ਸੀਮਾ ਵਾਲੀਆ ਨੇ ਰੈੱਡ ਕਰਾਸ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਸਕੂਲ ‘ਨਸ਼ਾ ਮੁਕਤ ਭਾਰਤ ਅਭਿਆਨ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਵੇਗਾ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਾ ਰਹੇਗਾ।
ਇਸ ਮੌਕੇ ਪ੍ਰਵੇਸ਼ ਕੁਮਾਰ, ਸਕੂਲ ਸਟਾਫ਼ ਮੈਂਬਰ ਰਜਨੀਸ਼ ਕੌਰ, ਮਾਇਆ ਦੇਵੀ, ਹਰਮਨਪ੍ਰੀਤ ਕੌਰ, ਅਸ਼ੋਕ ਕੁਮਾਰ ਅਤੇ ਗਗਨਦੀਪ ਸਮੇਤ ਵਿਦਿਆਰਥੀ ਹਾਜ਼ਰ ਸਨ।
