ਸੰਗਰੂਰ, 9 ਅਕਤੂਬਰ:- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈ.ਸੀ.ਸੀ.ਈ.) ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਦਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਮਹੱਤਤਾ, ਸੱਭਿਆਚਾਰਕ ਵਿਰਾਸਤ ਅਤੇ ਚੰਗਿਆਈ ਤੇ ਬੁਰਾਈ ਵਿਚਲੇ ਫ਼ਰਕ ਬਾਰੇ ਸਰਲ ਤੇ ਦਿਲਚਸਪ ਢੰਗ ਨਾਲ ਜਾਣੂ ਕਰਵਾਉਣਾ ਸੀ।

ਇਸ ਮੌਕੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਆਂਗਣਵਾੜੀ ਵਰਕਰਾਂ ਨੇ ਬੱਚਿਆਂ ਨੂੰ ਤਿਉਹਾਰਾਂ ਨਾਲ ਸਬੰਧਤ ਕਹਾਣੀਆਂ ਸੁਣਾਈਆਂ ਅਤੇ ਰਵਾਇਤਾਂ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੂੰ ਸਮਝਾਇਆ ਗਿਆ ਕਿ ਦਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਜਦਕਿ ਦੀਵਾਲੀ ਰੌਸ਼ਨੀ, ਖੁਸ਼ੀਆਂ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ।

ਗਤੀਵਿਧੀਆਂ ਦੌਰਾਨ ਬੱਚਿਆਂ ਨੂੰ ਸੱਚ ਬੋਲਣ, ਦੂਜਿਆਂ ਦੀ ਮਦਦ ਕਰਨ, ਬਜ਼ੁਰਗਾਂ ਦਾ ਸਤਿਕਾਰ ਕਰਨ, ਆਪਸੀ ਮਿਲਵਰਤਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਆਂਗਣਵਾੜੀ ਵਰਕਰਾਂ ਨੇ ਖੇਡਾਂ, ਕਹਾਣੀਆਂ, ਗੱਲਬਾਤ ਅਤੇ ਹੋਰ ਸਿਰਜਣਾਤਮਕ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਸਿੱਖਣ ਦੇ ਮੌਕੇ ਪ੍ਰਦਾਨ ਕੀਤੇ, ਤਾਂ ਜੋ ਉਹ ਤਿਉਹਾਰਾਂ ਦੇ ਅਸਲ ਅਰਥਾਂ ਨੂੰ ਆਸਾਨੀ ਨਾਲ ਸਮਝ ਸਕਣ।

ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਦੇ ਸ਼ੁਰੂਆਤੀ ਸਾਲਾਂ ਦੌਰਾਨ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰਾਂ ਅਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਇਸ ਦੇ ਨਾਲ ਹੀ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਮਾਪਿਆਂ ਦੀ ਸਰਗਰਮ ਭਾਗੀਦਾਰੀ ਨੇ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ। ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਿਆ ਦੇਣ ਦੇ ਨਾਲ-ਨਾਲ ਖੁਸ਼ੀ, ਉਤਸ਼ਾਹ ਅਤੇ ਸੱਭਿਆਚਾਰਕ ਸਾਂਝ ਵਾਲਾ ਮਾਹੌਲ ਦੇਖਣ ਨੂੰ ਮਿਲਿਆ।