ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਨਵੰਬਰ:- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੱਚਲਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਇਲੈਕਟੋਰਲ ਲਿਟਰੇਸੀ ਕਲੱਬਾਂ (ਈਐਲਸੀ) ਰਾਹੀਂ ਪ੍ਰਸ਼ਨੋਤਰੀ ਅਤੇ ਲੇਖ-ਰਚਨਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੀਤਿਕਾ ਸਿੰਘ ਨੇ ਦੱਸਿਆ ਕਿ ਈਐਲਸੀ ਕਲੱਬਾਂ ਰਾਹੀਂ ਵਿਦਿਅਕ ਸੰਸਥਾਵਾਂ ਵਿੱਚ ਲਗਾਤਾਰ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸਰਸਰੀ ਸੁਧਾਈ (Special Summary Revision) ਦੌਰਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਵੋਟਰ ਸੂਚੀਆਂ ਵਿੱਚ ਆਪਣੀ ਜਾਣਕਾਰੀ ਦਰੁਸਤ ਕਰਵਾਉਣ ਲਈ ਪ੍ਰੇਰਿਤ ਕਰਨਾ ਇਨ੍ਹਾਂ ਗਤੀਵਿਧੀਆਂ ਦਾ ਅਹਿਮ ਉਦੇਸ਼ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚੋਂ ਹਰੇਕ ਸਕੂਲ ਵਿੱਚੋਂ ਦੋ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ, ਜੋ 17 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰ ’ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਅਤੇ ਪ੍ਰੋਗਰਾਮਾਂ ਵਿੱਚ ਭਾਗ ਲੈਣਗੇ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖ਼ਸ਼ਿਸ਼ ਸਿੰਘ ਅੰਟਾਲ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਇਹ ਮੁਕਾਬਲੇ ਕਰਵਾਏ ਗਏ ਹਨ। ਲੇਖ-ਰਚਨਾ ਮੁਕਾਬਲਿਆਂ ਲਈ ‘ਚੋਣ ਦੀ ਮਹੱਤਤਾ ਅਤੇ ਸ਼ੁੱਧ ਵੋਟਰ ਸੂਚੀਆਂ ਦੀ ਮਹੱਤਤਾ ਵਿੱਚ ਨੌਜਵਾਨਾਂ ਦਾ ਯੋਗਦਾਨ’ ਵਿਸ਼ੇ ਉੱਤੇ ਮੁਕਾਬਲੇ ਕਰਵਾਏ ਗਏ।
ਇਸੇ ਤਰ੍ਹਾਂ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM), ਵੀਵੀਪੈਟ (VVPAT), ਚੋਣ ਪ੍ਰਕਿਰਿਆ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨਾਲ ਸਬੰਧਤ ਸਵਾਲ ਪੁੱਛੇ ਗਏ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਚੋਣ ਪ੍ਰਣਾਲੀ ਦੀ ਕਾਰਜਪ੍ਰਣਾਲੀ, ਵੋਟਰ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਅਤੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਵੀਪ ਟੀਮ ਦਾ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਵੋਟਰ ਵਜੋਂ ਰਜਿਸਟਰ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਾਗਰੂਕ, ਜ਼ਿੰਮੇਵਾਰ ਅਤੇ ਸਰਗਰਮ ਵੋਟਰ ਬਣਾਉਣਾ ਵੀ ਹੈ, ਤਾਂ ਜੋ ਲੋਕਤੰਤਰ ਦੀ ਮਜ਼ਬੂਤੀ ਵਿੱਚ ਉਨ੍ਹਾਂ ਦੀ ਪ੍ਰਭਾਵਸ਼ਾਲੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
