ਗੜ੍ਹਸ਼ੰਕਰ, 28 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਅੱਜ ਪਿੰਡ ਦੇਣੋਵਾਲ ਖੁਰਦ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਮੌਕੇ ਡੀ.ਐਸ.ਪੀ. ਕਮਲਜੀਤ ਸਿੰਘ, ਪੇਂਡੂ ਵਿਕਾਸ ਦਫ਼ਤਰ, ਸਿਹਤ ਵਿਭਾਗ ਅਤੇ ਖੇਡ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ। ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਹਿਯੋਗ ਦੇਣ ਵਾਸਤੇ ਉਨ੍ਹਾਂ ਨੇ ਪਿੰਡ ਦੇ ਸਰਪੰਚ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਹੂਲਤਾਂ ਵਿੱਚ ਪ੍ਰਾਰਥੀਆਂ ਦੇ ਭਵਿੱਖ ਲਈ ਕਰੀਅਰ ਕਾਊਂਸਲਿੰਗ ਅਤੇ ਸਰਕਾਰੀ ਨੌਕਰੀਆਂ ਬਾਰੇ ਜਾਣਕਾਰੀ ਦੇਣਾ, ਰੋਜ਼ਗਾਰ ਦਫ਼ਤਰ ਦੇ ਪਲੇਸਮੈਂਟ ਸੈੱਲ ਰਾਹੀਂ ਨੌਕਰੀਆਂ ਦਿਵਾਉਣ ਦੇ ਉਪਰਾਲੇ ਕਰਨਾ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਇਸ ਮੌਕੇ ਪਿੰਡ ਦੇਣੋਵਾਲ ਖੁਰਦ ਦੇ ਸਰਪੰਚ, ਨੰਬਰਦਾਰ ਅਤੇ ਪੰਚਾਇਤ ਦੇ ਹੋਰ ਮੈਂਬਰ ਵੀ ਹਾਜ਼ਰ ਸਨ।