ਫ਼ਰੀਦਕੋਟ, 21 ਅਕਤੂਬਰ (ਸਿਵਨਾਥ):- ਦੁਸਹਿਰੇ ਦੇ ਤਿਉਹਾਰ ਮੌਕੇ ਅੱਜ ਫ਼ਰੀਦਕੋਟ ਵਿਖੇ ਠੇਕਾ ਮੁਲਾਜ਼ਮਾਂ ਨੇ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਫ਼ੈਸਲੇ ਤਹਿਤ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ 15 ਅਕਤੂਬਰ ਨੂੰ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ ਵਿੱਚ ਬਣੀ ਸਹਿਮਤੀ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਦੀਵਾਲੀ ਤੋਂ ਪਹਿਲਾਂ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਚੁਅਲ ਇੰਗੇਜਮੈਂਟ ਵਿੱਚ ਤਬਦੀਲੀ) ਬਿੱਲ, 2026 ਅਧੀਨ ਜੁਆਇਨਿੰਗ-ਪੱਤਰ ਜਾਰੀ ਨਾ ਕਰਨ ਦੇ ਰੋਸ ਵਜੋਂ ਕੀਤਾ ਗਿਆ। ਤਰਸੇਮ ਸਿੰਘ ਪੱਖੀ ਖੁਰਦ ਅਤੇ ਗੁਰਪ੍ਰੀਤ ਸਿੰਘ ਫ਼ਰੀਦਕੋਟ ਨੇ ਐਲਾਨ ਕੀਤਾ ਕਿ 25 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਅੱਜ ਜਾਰੀ ਪ੍ਰੈੱਸ ਬਿਆਨ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਰਜਿ. ਨੰਬਰ 31, ਜ਼ਿਲ੍ਹਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਪੱਖੀ ਖੁਰਦ, ਜਨਰਲ ਸਕੱਤਰ ਗੁਰਤੇਜ ਸਿੰਘ ਔਲਖ, ਧਰਮਵੀਰ ਸਿੰਘ, ਮਹਲ ਸਿੰਘ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ 15 ਅਕਤੂਬਰ, 2026 ਨੂੰ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿੱਚ ਬਣੀ ਸਹਿਮਤੀ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ, ਮਾਰਕਫੈੱਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ (ਵੇਰਕਾ), ਵੇਅਰਹਾਊਸਿੰਗ ਅਤੇ ਪੀ.ਡਬਲਯੂ.ਡੀ. ਇਲੈਕਟ੍ਰਿਕਲ ਵਿੰਗ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਇਨਲਿਸਟਮੈਂਟ, ਆਊਟਸੋਰਸਿੰਗ, ਕੰਪਨੀਆਂ, ਠੇਕੇਦਾਰਾਂ ਅਤੇ ਸੁਸਾਇਟੀਆਂ ਆਦਿ ਅਧੀਨ ਵੱਖ-ਵੱਖ ਸ਼੍ਰੇਣੀਆਂ ਵਿੱਚ ਲਗਾਤਾਰ ਸੇਵਾਵਾਂ ਨਿਭਾ ਰਹੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਚੁਅਲ ਇੰਗੇਜਮੈਂਟ ਵਿੱਚ ਤਬਦੀਲੀ) ਬਿੱਲ, 2026 ਅਧੀਨ ਜੁਆਇਨਿੰਗ-ਪੱਤਰ ਜਾਰੀ ਕੀਤੇ ਜਾਣੇ ਸਨ।
ਉਨ੍ਹਾਂ ਦੋਸ਼ ਲਾਇਆ ਕਿ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਜੁਆਇਨਿੰਗ-ਪੱਤਰ ਜਾਰੀ ਕਰਨ ਸਬੰਧੀ ਹੁਕਮ ਨਾ ਦੇ ਕੇ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਾਰੇ ਲਗਾ ਕੇ ਸਮਾਂ ਲੰਘਾ ਰਹੀ ਹੈ, ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੂੰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਕਮੇਟੀ ਨੇ ਮੰਗ ਕੀਤੀ ਕਿ ਇਸ ਵਿੱਚ ਸ਼ਾਮਲ ਵਿਭਾਗਾਂ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ, 2026 ਅਧੀਨ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਜੁਆਇਨਿੰਗ-ਪੱਤਰ ਦਿੱਤੇ ਜਾਣ। ਇਸ ਤੋਂ ਇਲਾਵਾ, ਘੱਟੋ-ਘੱਟ ਉਜਰਤ ਕਾਨੂੰਨ, 1948 ਵਿੱਚ 15ਵੀਂ ਭਾਰਤੀ ਲੇਬਰ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਸ਼ਾਮਲ ਕਰਕੇ ਤਨਖ਼ਾਹ ਤੈਅ ਕੀਤੀ ਜਾਵੇ, ਈ.ਪੀ.ਐੱਫ. ਅਤੇ ਈ.ਐੱਸ.ਆਈ. ਦੀਆਂ ਸਹੂਲਤਾਂ ਲਾਗੂ ਕੀਤੀਆਂ ਜਾਣ ਅਤੇ ਮੰਗ-ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਤੇ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ।
ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਰਜਿ. ਨੰਬਰ 31, ਜ਼ਿਲ੍ਹਾ ਫ਼ਰੀਦਕੋਟ ਦੇ ਮੁਲਾਜ਼ਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ 25 ਅਕਤੂਬਰ, 2026 ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਹੋਣ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ।
