ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ:- ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਮੱਛਰਾਂ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਦੀ ਜਾਂਚ ਕੀਤੀ।
ਉਨ੍ਹਾਂ ਹਸਪਤਾਲ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਹਸਪਤਾਲ ਵਿੱਚ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਸਿਹਤ ਟੀਮ ਨੂੰ ਜਾਂਚ ਦੌਰਾਨ ਹਸਪਤਾਲ ਵਿੱਚ ਦੋ ਥਾਵਾਂ ’ਤੇ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।
ਡਾ. ਜੈਨ ਨੇ ਹਸਪਤਾਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਜਿਸ ਟੈਂਕ ਵਿੱਚ ਲਾਰਵਾ ਮਿਲਿਆ ਹੈ, ਉਸ ਦੀ ਹਫ਼ਤੇ ਵਿੱਚ ਇੱਕ ਵਾਰ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਅਪਣਾਈ ਜਾ ਰਹੀ ਨਿਯਮਤ ਪ੍ਰਕਿਰਿਆ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੀ ਜਾਂਚ ਦੌਰਾਨ ਲਾਰਵਾ ਮਿਲਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਹਸਪਤਾਲ ਦੇ ਮੁਲਾਜ਼ਮਾਂ ਨੂੰ ਸਮਝਾਉਂਦਿਆਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਧਾਰ ਲੈਂਦਾ ਹੈ, ਜੋ ਕਿਸੇ ਵਿਅਕਤੀ ਦੀ ਜਾਨ ਲਈ ਵੀ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਨਾਮਕ ਮੱਛਰ ਦੇ ਕੱਟਣ ਨਾਲ ਹੋਣ ਵਾਲਾ ਬੁਖ਼ਾਰ ਹੈ। ਇਸ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ। ਹਾਲਤ ਗੰਭੀਰ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖ਼ੂਨ ਵੀ ਵਗ ਸਕਦਾ ਹੈ।
ਸਿਹਤ ਟੀਮ ਵਿੱਚ ਸਿਹਤ ਸੁਪਰਵਾਈਜ਼ਰ ਗੁਰਬਿੰਦਰਜੀਤ ਸਿੰਘ, ਸਿਹਤ ਵਰਕਰ ਬਲਜੀਤ ਸਿੰਘ, ਗੁਰਜੀਤ ਸਿੰਘ, ਭੁਪਿੰਦਰ ਕੁਮਾਰ, ਬ੍ਰੀਡਿੰਗ ਚੈੱਕਰ ਅਤੇ ਹੋਰ ਮੁਲਾਜ਼ਮ ਸ਼ਾਮਲ ਸਨ।
