ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਈ.ਵੀ.ਐੱਮ. (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ) ਦੀ ਪਹਿਲੇ ਪੱਧਰ ਦੀ ਜਾਂਚ (ਐੱਫ.ਐੱਲ.ਸੀ.) ਦੀ ਪ੍ਰਕਿਰਿਆ 12 ਨਵੰਬਰ ਤੋਂ ਜ਼ਿਲ੍ਹਾ ਈ.ਵੀ.ਐੱਮ. ਵੇਅਰਹਾਊਸ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ (ਡਾ.) ਸੁਮਿਤ ਮੁੱਧ ਨੇ ਦੱਸਿਆ ਕਿ ਐੱਫ.ਐੱਲ.ਸੀ. ਦੀ ਸਮੁੱਚੀ ਪ੍ਰਕਿਰਿਆ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਤੇ ਮਾਪਦੰਡਾਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹਿੰਦੇ ਹਨ, ਤਾਂ ਜੋ ਜਾਂਚ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਐੱਫ.ਐੱਲ.ਸੀ. ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਅਤੇ ਲਾਈਵ ਵੈੱਬਕਾਸਟਿੰਗ ਰਾਹੀਂ ਵੀ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਲਈ ਜ਼ਿਲ੍ਹਾ ਹੈੱਡਕੁਆਰਟਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵਿਖੇ ਵੀ ਲਾਈਵ ਵੈੱਬਕਾਸਟਿੰਗ ਦੀ ਫੀਡ ਉਪਲਬਧ ਕਰਵਾਈ ਗਈ ਹੈ।
ਮੇਜਰ (ਡਾ.) ਸੁਮਿਤ ਮੁੱਧ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਵੱਲੋਂ ਖੁਸ਼ੀ ਰਾਮ ਧੀਮਾਨ, ਭਾਜਪਾ ਵੱਲੋਂ ਭੂਸ਼ਣ ਕੁਮਾਰ ਸ਼ਰਮਾ, ਸੀ.ਪੀ.ਆਈ. (ਐੱਮ.) ਵੱਲੋਂ ਗੁਰਮੇਸ਼ ਸਿੰਘ, ਤਹਿਸੀਲਦਾਰ ਚੋਣਾਂ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਮੌਜੂਦ ਸਨ।
