ਫਿਰੋਜਪੁਰ 29 ਅਗਸਤ:- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਰਦਾਰ ਜਗਜੀਤ ਸਿੰਘ ਡੱਲੇਵਾਲ ਧੜੇ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਗੁਰਦੁਆਰਾ ਪ੍ਰਗਟ ਸਾਹਿਬ ਨੇੜੇ ਲੈਂਡ ਮੌਰਗੇਜ ਬੈਂਕ ਵਿੱਚ ਓਟੀਐਸ (ਵਨ ਟਾਈਮ ਸੈਟਲਮੈਂਟ ਸਕੀਮ) ਲਾਗੂ ਕਰਨ ਅਤੇ ਕਿਸਾਨਾਂ ਤੋਂ ਕਰਜ਼ ਲੈਣ ਮੌਕੇ ਲਏ ਗਏ ਖਾਲੀ ਚੈੱਕ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀ ਦੇ ਇਸ ਪ੍ਰਦਰਸ਼ਨ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਬੰਧਤ ਬੈਂਕ ਪ੍ਰਬੰਧਕਾਂ ਵਿਰੁੱਧ ਗੁੱਸਾ ਜ਼ਾਹਰ ਕੀਤਾ ਗਿਆ।
ਧਰਨੇ ਦੌਰਾਨ ਕਿਸਾਨਾਂ ਨੇ ਲੈਂਡ ਮੌਰਗੇਜ ਬੈਂਕ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਵਿੱਤੀ ਸਮੱਸਿਆਵਾਂ ਅਤੇ ਕਰਜ਼ੇ ਦੇ ਬੋਝ ਨਾਲ ਜੂਝ ਰਹੇ ਕਿਸਾਨਾਂ ਨੂੰ ਰਾਹਤ ਦੇਣ ਲਈ ਬੈਂਕ ਵਿੱਚ ਓਟੀਐਸ ਸਕੀਮ ਲਾਗੂ ਕਰਨ ਅਤੇ ਖਾਲੀ ਚੈੱਕ ਜਾ ਜ਼ਮੀਨ ਦੀ ਰਜਿਸਟਰੀ ਹੀ ਬੈਂਕ ਦੁਆਰਾ ਕਰਜ਼ਾ ਦੇਣ ਸਮੇਂ ਲੈਣ ਦੀ ਯੋਜਨਾ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਲਿਆਂਦੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਰਿਹਾ।
ਉਨ੍ਹਾਂ ਦਾ ਕਹਿਣਾ ਹੈ ਕਿ ਵੰਨ ਟਾਇਮ ਸੈਟਲਮੈਂਟ ਦੀ ਸਹੂਲਤ ਮਿਲਣ ਤੇ ਅਜਿਹੇ ਕਿਸਾਨ ਆਪਣੇ ਬਕਾਇਆ ਕਰਜ਼ਿਆਂ ਦਾ ਨਿਪਟਾਰਾ ਕਰਨ ਦੀ ਸਥਿਤੀ ਵਿੱਚ ਆ ਸਕਦੇ ਹਨ। ਇਸ ਦੇ ਨਾਲ ਹੀ ਕਿਸਾਨਾਂ ਤੋਂ ਸੁਰੱਖਿਆ ਵਜੋਂ ਲਏ ਗਏ ਖਾਲੀ ਚੈੱਕ ਵੀ ਵਾਪਸ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਉਤੇ ਲੰਬੇ ਸਮੇਂ ਤੋਂ ਧਿਆਨ ਦੇਣ ਦੀ ਜਥੇਬੰਦੀ ਮੰਗ ਕਰ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਜਲਦੀ ਹੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਓਟੀਐਸ ਸਕੀਮ ਦਾ ਲਾਭ ਉਪਲਬਧ ਕਰਵਾਇਆ ਜਾਵੇ ਅਤੇ ਬੈਂਕ ਵਿੱਚ ਜਮ੍ਹਾਂ ਖਾਲੀ ਚੈੱਕ ਕਿਸਾਨਾਂ ਨੂੰ ਵਾਪਸ ਕੀਤੇ ਜਾਣ। ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ 'ਤੇ ਹਾਂ-ਪੱਖੀ ਕਾਰਵਾਈ ਨਹੀਂ ਕੀਤੀ ਗਈ ਤਾਂ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਓਟੀਐੱਸ ਸਕੀਮ ਲਾਗੂ ਕਰਨ ਅਤੇ ਖਾਲੀ ਚੈੱਕ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਲੈਂਡ ਮੌਰਗੇਜ ਬੈਂਕ ਖਿਲਾਫ ਕੀਤਾ ਪ੍ਰਦਰਸ਼ਨ
