ਸੰਗਰੂਰ, 27 ਅਕਤੂਬਰ:- ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਅਤੇ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਣ ਲਈ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਧਾਰਿਤ ਨਮੀ ਮਾਪਦੰਡਾਂ ਅਨੁਸਾਰ ਝੋਨਾ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਕਾਹਲੀ ਵਿੱਚ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਮੰਡੀ ਅਮਲੇ ਤੇ ਖ਼ਰੀਦ ਏਜੰਸੀਆਂ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।
ਜ਼ਿਲ੍ਹੇ ਵਿੱਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਦੇ ਵੇਰਵੇ ਸਾਂਝੇ ਕਰਦਿਆਂ ਪੂਨਮਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿੱਚ ਕੁੱਲ 3,13,814 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 2,99,892 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਖ਼ਰੀਦੀ ਫ਼ਸਲ ਬਦਲੇ ਕਿਸਾਨਾਂ ਨੂੰ ਹੁਣ ਤੱਕ ਕੁੱਲ 582.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਅਤੇ ਮੰਡੀਆਂ ਵਿੱਚੋਂ ਖ਼ਰੀਦੇ ਝੋਨੇ ਦੀ ਚੁਕਾਈ ਖ਼ਰੀਦ ਪ੍ਰਕਿਰਿਆ ਦੇ ਅਹਿਮ ਹਿੱਸੇ ਹਨ।
ਚੁਕਾਈ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕੁੱਲ 1,38,087.35 ਮੀਟ੍ਰਿਕ ਟਨ ਝੋਨਾ ਚੁੱਕਿਆ ਜਾ ਚੁੱਕਾ ਹੈ।
ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ।
