ਕਰਨਾਲ, 12 ਨਵੰਬਰ (ਪ੍ਰਵੀਨ ਵਾਲੀਆ):- ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਡਾ. ਆਨੰਦ ਕੁਮਾਰ ਸ਼ਰਮਾ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਐੱਫਆਈਆਰ ਦਰਜ ਕਰਨ, ਜੁਰਮਾਨਾ ਲਾਉਣ ਅਤੇ ਮੇਰੀ ਫ਼ਸਲ-ਮੇਰਾ ਬਿਓਰਾ ਪੋਰਟਲ ’ਤੇ ਰੈੱਡ ਐਂਟਰੀ ਦਰਜ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ, ਬਲਾਕ/ਤਹਿਸੀਲ ਅਤੇ ਪਿੰਡ ਪੱਧਰ ’ਤੇ ਕਮੇਟੀਆਂ ਅਤੇ ਇਨਫੋਰਸਮੈਂਟ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿੱਚ ਲਗਭਗ 683 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਲਗਾਤਾਰ ਨਿਗਰਾਨੀ ਰੱਖਣ ਦੇ ਨਾਲ-ਨਾਲ ਨਿਯਮਾਂ ਅਨੁਸਾਰ ਕਾਰਵਾਈ ਕਰ ਰਹੇ ਹਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਰਨਾਲ ਵਿੱਚ ਹੁਣ ਤੱਕ ਹਰਸੈਕ ਹਰਿਆਣਾ ਤੋਂ ਪਰਾਲੀ ਸਾੜਨ ਦੇ 22 ਮਾਮਲੇ ਪ੍ਰਾਪਤ ਹੋਏ ਹਨ। ਇਨ੍ਹਾਂ ਵਿੱਚੋਂ 10 ਕਿਸਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਗਈ ਹੈ। ਇਸ ਦੇ ਨਾਲ ਹੀ ਸਾਰੇ 10 ਕਿਸਾਨਾਂ ਤੋਂ ਨਿਯਮਾਂ ਅਨੁਸਾਰ ਜੁਰਮਾਨਾ ਵਸੂਲਣ ਦੇ ਨਾਲ ਮੇਰੀ ਫ਼ਸਲ-ਮੇਰਾ ਬਿਓਰਾ ਪੋਰਟਲ ’ਤੇ ਰੈੱਡ ਐਂਟਰੀ ਵੀ ਦਰਜ ਕੀਤੀ ਗਈ ਹੈ। ਇਸ ਕਾਰਨ ਸਬੰਧਤ ਕਿਸਾਨ ਅਗਲੇ ਦੋ ਸਾਲਾਂ ਤੱਕ ਆਪਣੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਨਹੀਂ ਵੇਚ ਸਕਣਗੇ।

ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ 2 ਏਕੜ ਤੋਂ ਘੱਟ ਜ਼ਮੀਨ ’ਤੇ ਪਰਾਲੀ ਸਾੜਨ ਲਈ ਪ੍ਰਤੀ ਘਟਨਾ 5,000 ਰੁਪਏ, 2 ਤੋਂ 5 ਏਕੜ ਤੱਕ 10,000 ਰੁਪਏ ਅਤੇ 5 ਏਕੜ ਤੋਂ ਵੱਧ ਜ਼ਮੀਨ ’ਤੇ 30,000 ਰੁਪਏ ਜੁਰਮਾਨੇ ਦੀ ਵਿਵਸਥਾ ਹੈ। ਇਹ ਮਾਮਲੇ ਘਰੌਂਡਾ, ਨੀਲੋਖੇੜੀ, ਅਸੰਧ ਅਤੇ ਨਿਸਿੰਗ ਬਲਾਕਾਂ ਨਾਲ ਸਬੰਧਤ ਹਨ। ਜਦਕਿ ਕਰਨਾਲ ਅਤੇ ਇੰਦਰੀ ਬਲਾਕਾਂ ਵਿੱਚ ਹੁਣ ਤੱਕ ਪਰਾਲੀ ਸਾੜਨ ਦਾ ਕੋਈ ਮਾਮਲਾ ਦਰਜ ਨਹੀਂ ਹੋਇਆ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਹਵਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ) ਐਕਟ, 1981 ਦੀ ਧਾਰਾ 39 ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ), 2023 ਦੀ ਧਾਰਾ 223 ਤਹਿਤ ਸਬੰਧਤ ਥਾਣਿਆਂ ਵਿੱਚ ਐੱਫਆਈਆਰ ਦਰਜ ਕਰਵਾਈ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਾਂ ਦੀ ਵਰਤੋਂ ਕਰਨ। ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਤਹਿਤ ਜ਼ਿਲ੍ਹਾ ਕਰਨਾਲ ਦੇ ਕਿਸਾਨਾਂ ਨੂੰ ਇਸ ਸਾਲ 519 ਖੇਤੀਬਾੜੀ ਮਸ਼ੀਨਾਂ ’ਤੇ 50 ਫ਼ੀਸਦੀ ਸਬਸਿਡੀ ਦਾ ਲਾਭ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਸੁਪਰ ਐੱਸਐੱਮਐੱਸ, ਬੇਲਿੰਗ ਮਸ਼ੀਨਾਂ, ਹੈਪੀ ਸੀਡਰ, ਰੋਟਰੀ ਸਲੈਸ਼ਰ/ਸ਼ਰੱਬ ਮਾਸਟਰ, ਪੈਡੀ ਸਟਰਾਅ ਚੌਪਰ/ਮਲਚਰ, ਹਾਈਡ੍ਰੌਲਿਕ ਰਿਵਰਸਿਬਲ ਐੱਮਬੀ ਪਲਾਓ, ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਸਰਫੇਸ ਸੀਡਰ, ਟਰੈਕਟਰ ਨਾਲ ਚੱਲਣ ਵਾਲੇ/ਆਟੋਮੈਟਿਕ ਕਰੌਪ ਰੀਪਰ, ਰੀਪਰ-ਕਮ-ਬਾਈਂਡਰ, ਲੋਡਰ ਅਤੇ ਟੈਂਡਮ ਮਸ਼ੀਨਾਂ ਸ਼ਾਮਲ ਹਨ।

ਇਨ੍ਹਾਂ ਖੇਤੀਬਾੜੀ ਮਸ਼ੀਨਾਂ ਦੀ ਮਦਦ ਨਾਲ ਕਿਸਾਨ ਐਕਸ-ਸੀਟੂ ਅਤੇ ਇਨ-ਸੀਟੂ ਤਰੀਕਿਆਂ ਰਾਹੀਂ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਢੁੱਕਵਾਂ ਪ੍ਰਬੰਧਨ ਕਰ ਸਕਦੇ ਹਨ। ਇਸ ਨਾਲ ਪਰਾਲੀ ਸਾੜਨ ਦੀ ਲੋੜ ਨਹੀਂ ਪਵੇਗੀ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇਗੀ ਅਤੇ ਹਵਾ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਮਿਲੇਗੀ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 1,200 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ।

ਡਿਪਟੀ ਡਾਇਰੈਕਟਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਅਤੇ ਖੇਤੀਬਾੜੀ ਮਸ਼ੀਨਾਂ ਦੀ ਮਦਦ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਢੁੱਕਵਾਂ ਪ੍ਰਬੰਧਨ ਕਰਨ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕਰਨਾਲ ਸਥਿਤ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਕਰਨਾਲ ਨੇ ਸਪੱਸ਼ਟ ਕੀਤਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਅਤੇ ਕਾਰਵਾਈ ਲਗਾਤਾਰ ਜਾਰੀ ਰਹੇਗੀ।