ਕਰਨਾਲ, 23 ਨਵੰਬਰ (ਪ੍ਰਵੀਣ ਵਾਲੀਆ):- ਡੀਸੀ ਡਾ. ਆਨੰਦ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਪਹਿਲੀ ਅਤੇ ਦੂਜੀ ਸ਼੍ਰੇਣੀ ਦੇ ਅਧਿਕਾਰੀ ਨਿਰੀਖਣ ਕਰਨਗੇ ਅਤੇ ਉੱਥੇ ਉਪਲਬਧ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਇਸ ਕੰਮ ਲਈ ਸਾਰੇ ਅਧਿਕਾਰੀਆਂ ਨੂੰ ਸਕੂਲ ਅਲਾਟ ਕਰ ਦਿੱਤੇ ਗਏ ਹਨ। ਆਉਣ ਵਾਲੇ ਇੱਕ ਤੋਂ ਦੋ ਹਫ਼ਤਿਆਂ ਵਿੱਚ ਸਾਰੇ ਸਕੂਲਾਂ ਦਾ ਨਿਰੀਖਣ ਮੁਕੰਮਲ ਕਰਵਾ ਦਿੱਤਾ ਜਾਵੇਗਾ ਅਤੇ ਇਸ ਦੀ ਰਿਪੋਰਟ ਮੁੱਖ ਦਫ਼ਤਰ ਭੇਜ ਦਿੱਤੀ ਜਾਵੇਗੀ।
ਡੀਸੀ ਅੱਜ ਜ਼ਿਲ੍ਹਾ ਸਕੱਤਰੇਤ ਦੇ ਸਭਾ ਹਾਲ ਵਿੱਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਸੂਬੇ ਵਿੱਚ ਸਕੂਲਾਂ ਦੇ ਨਿਰੀਖਣ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਵੀਡੀਓ ਕਾਨਫਰੰਸ ਰਾਹੀਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਤਾਇਨਾਤ ਪਹਿਲੀ ਅਤੇ ਦੂਜੀ ਸ਼੍ਰੇਣੀ ਦੇ ਅਧਿਕਾਰੀਆਂ ਤੋਂ ਸਕੂਲਾਂ ਦਾ ਨਿਰੀਖਣ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਇਸ ਕੰਮ ਨੂੰ ਗੰਭੀਰਤਾ ਨਾਲ ਲੈਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਬਾਰ ਰੂਮਾਂ ਵਿੱਚ ਮਹਿਲਾ ਵਕੀਲਾਂ ਦੀ ਸਹੂਲਤ ਲਈ ਵੱਖਰੇ ਪਖਾਨੇ ਦੀ ਵਿਵਸਥਾ ਕੀਤੀ ਜਾਵੇ। ਜਿੱਥੇ ਪਖਾਨੇ ਉਪਲਬਧ ਨਹੀਂ ਹਨ, ਉੱਥੇ ਇਨ੍ਹਾਂ ਦਾ ਨਿਰਮਾਣ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਦੀ ਰਿਪੋਰਟ ਮੁੱਖ ਦਫ਼ਤਰ ਭੇਜੀ ਜਾਵੇ।
ਵੀਡੀਓ ਕਾਨਫਰੰਸ ਦੌਰਾਨ ਡੀਸੀ ਡਾ. ਆਨੰਦ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 775 ਸਰਕਾਰੀ ਸਕੂਲ ਹਨ, ਜਿਨ੍ਹਾਂ ਨੂੰ ਨਿਰੀਖਣ ਲਈ ਪਹਿਲੀ ਅਤੇ ਦੂਜੀ ਸ਼੍ਰੇਣੀ ਦੇ ਅਧਿਕਾਰੀਆਂ ਨੂੰ ਅਲਾਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਦਾ ਸਬੰਧਤ ਅਧਿਕਾਰੀਆਂ ਤੋਂ ਨਿਰੀਖਣ ਕਰਵਾਉਣ ਉਪਰੰਤ ਉਨ੍ਹਾਂ ਤੋਂ ਰਿਪੋਰਟ ਪ੍ਰਾਪਤ ਕੀਤੀ ਜਾਵੇਗੀ।
ਇਸ ਮੌਕੇ ਏਡੀਸੀ ਰਾਹੁਲ ਰਈਆ ਅਤੇ ਸੀਟੀਐਮ ਸੁਰੇਸ਼ ਕੁਮਾਰ ਵੀ ਮੌਜੂਦ ਰਹੇ।
