ਪਟਿਆਲਾ, 13 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਬੈੱਲ ਕੰਪਨੀ ਦੀਆਂ ਐੱਮ-3 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) 12 ਨਵੰਬਰ, 2026 ਤੋਂ ਜ਼ਿਲ੍ਹਾ ਪੱਧਰੀ ਈ.ਵੀ.ਐੱਮ. ਵੇਅਰਹਾਊਸ, ਹਰਪਾਲ ਟਿਵਾਣਾ ਆਡੀਟੋਰੀਅਮ ਦੇ ਨੇੜੇ, ਨਾਭਾ ਰੋਡ, ਪਟਿਆਲਾ ਵਿਖੇ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਪ੍ਰਕਿਰਿਆ ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੇ ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਸਟ ਲੈਵਲ ਚੈਕਿੰਗ ਚੋਣਾਂ ਦੀਆਂ ਤਿਆਰੀਆਂ ਦਾ ਇੱਕ ਬਹੁਤ ਹੀ ਮਹੱਤਵਪੂਰਨ ਪੜਾਅ ਹੈ, ਜਿਸ ਦਾ ਮੁੱਖ ਉਦੇਸ਼ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਤਕਨੀਕੀ ਕਾਰਜਕੁਸ਼ਲਤਾ ਦੀ ਜਾਂਚ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਦਰੁਸਤ ਅਤੇ ਕਾਰਜਸ਼ੀਲ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਂਚ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਸੁਰੱਖਿਆ ਅਤੇ ਜਵਾਬਦੇਹੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨੂੰ ਪ੍ਰਕਿਰਿਆ ਦੇਖਣ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਦੇਖਣ ਲਈ ਆਪਣੀ ਪਾਰਟੀ ਦੇ ਮੈਂਬਰ ਨਾਮਜ਼ਦ ਕਰਕੇ ਉਨ੍ਹਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਐੱਫ.ਐੱਲ.ਸੀ. ਦੌਰਾਨ ਸਿਆਸੀ ਪਾਰਟੀਆਂ ਵੱਲੋਂ ਨਾਮਜ਼ਦ ਮੈਂਬਰਾਂ ਲਈ ਜ਼ਿਲ੍ਹਾ ਪੱਧਰੀ ਈ.ਵੀ.ਐੱਮ. ਵੇਅਰਹਾਊਸ ਵਿੱਚ ਦਾਖ਼ਲੇ ਲਈ ਐਂਟਰੀ ਪਾਸ ਲਾਜ਼ਮੀ ਹਨ। ਸਬੰਧਤ ਸਿਆਸੀ ਪਾਰਟੀ ਵੱਲੋਂ ਜਾਰੀ ਅਥਾਰਟੀ ਪੱਤਰ ਜਮ੍ਹਾਂ ਕਰਵਾ ਕੇ ਇਹ ਐਂਟਰੀ ਪਾਸ ਜ਼ਿਲ੍ਹਾ ਚੋਣ ਦਫ਼ਤਰ, ਪਟਿਆਲਾ ਤੋਂ ਬਣਵਾਏ ਜਾ ਸਕਦੇ ਹਨ।
