ਅੰਬਾਲਾ, 14 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਦੇਰ ਸ਼ਾਮ ਅੰਬਾਲਾ ਛਾਉਣੀ ਵਿੱਚ 1857 ਦੇ ਪਹਿਲੇ ਆਜ਼ਾਦੀ ਸੰਗਰਾਮ ਨੂੰ ਸਮਰਪਿਤ ਸ਼ਹੀਦ ਸਮਾਰਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸ਼ਹੀਦ ਸਮਾਰਕ ਦੀ ਪਹਿਲੀ ਟਿਕਟ ਦੀ ਪ੍ਰਿੰਟ ਕਾਪੀ ਭੇਟ ਕੀਤੀ ਗਈ। ਜ਼ਿਕਰਯੋਗ ਹੈ ਕਿ ਸ਼ਹੀਦ ਸਮਾਰਕ ਐਤਵਾਰ, 15 ਨਵੰਬਰ ਨੂੰ ਹਵਨ ਉਪਰੰਤ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।

ਊਰਜਾ ਮੰਤਰੀ ਅਨਿਲ ਵਿਜ ਨੇ ਅੱਜ ਦੇਰ ਸ਼ਾਮ ਸਮਾਰਕ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇੱਥੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਮੰਤਰੀ ਅਨਿਲ ਵਿਜ ਨੇ ਇਸ ਦੌਰਾਨ ਸਮਾਰਕ ਵਿੱਚ ਮੌਜੂਦ ਸਟਾਫ਼ ਨਾਲ ਵੀ ਗੱਲਬਾਤ ਕੀਤੀ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਸ਼ਹੀਦ ਸਮਾਰਕ ਦੇ ਡਾਇਰੈਕਟਰ ਡਾ. ਕੁਲਦੀਪ ਸੈਣੀ ਅਤੇ ਹੋਰ ਵਿਅਕਤੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਬੀਤੀ 5 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਸ਼ਹੀਦ ਸਮਾਰਕ ਦਾ ਉਦਘਾਟਨ ਕੀਤਾ ਸੀ। ਇਸ ਤੋਂ ਬਾਅਦ ਹੁਣ ਐਤਵਾਰ ਤੋਂ ਸਮਾਰਕ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।