ਬਲੋਦਾ ਬਾਜ਼ਾਰ (ਛੱਤੀਸਗੜ੍ਹ):- ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਵਿੱਚ ਰਾਏਪੁਰ-ਬਿਲਾਸਪੁਰ ਰਾਸ਼ਟਰੀ ਰਾਜਮਾਰਗ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਸਿੱਧੀ ਟਕਰਾ ਗਈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂਕਿ 14 ਹੋਰ ਯਾਤਰੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ।

ਜਾਣਕਾਰੀ ਅਨੁਸਾਰ, ਰਾਏਪੁਰ-ਬਿਲਾਸਪੁਰ ਰਾਸ਼ਟਰੀ ਰਾਜਮਾਰਗ ’ਤੇ ਜਾ ਰਹੀ ਇੱਕ ਯਾਤਰੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਦੀ ਜ਼ੋਰਦਾਰ ਆਵਾਜ਼ ਸੁਣ ਕੇ ਸਥਾਨਕ ਪਿੰਡ ਵਾਸੀ ਅਤੇ ਰਾਹਗੀਰ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਏ। ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ 16 ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ। ਗੰਭੀਰ ਰੂਪ ਵਿੱਚ ਜ਼ਖ਼ਮੀ ਦੋ ਹੋਰ ਲੋਕਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਿਸ ਨਾਲ ਮੌਤਾਂ ਦੀ ਗਿਣਤੀ ਪੰਜ ਹੋ ਗਈ। ਬਾਕੀ 14 ਜ਼ਖ਼ਮੀਆਂ ਦਾ ਇਲਾਜ ਜਾਰੀ ਹੈ।