ਜੈਤੋ, 15 ਜੂਨ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਸਿੱਖ ਮਿਸ਼ਨਰੀ ਕਾਲਜਾਂ, ਗੁਰਮਤਿ ਅਕੈਡਮੀਆਂ ਅਤੇ ਵਿਦਿਆਲਿਆਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸ਼੍ਰੋਮਣੀ ਕਮੇਟੀ ਅਧੀਨ ਸਕੂਲਾਂ-ਕਾਲਜਾਂ ਦੇ ਧਾਰਮਿਕ ਅਧਿਆਪਕਾਂ ਲਈ “ਗੁਰਮਤਿ ਸਿੱਖਿਆ ਅਤੇ ਅਧਿਆਪਨ ਸੇਧਾਂ” ਵਿਸ਼ੇ ਤਹਿਤ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਪੰਜ ਰੋਜ਼ਾ ਕੈਂਪ ਬੀਤੇ ਦਿਨੀਂ ਸੰਪੰਨ ਹੋ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਇਸ ਕੈਂਪ ਦੌਰਾਨ ਵੱਖ-ਵੱਖ ਸਿੱਖ ਵਿਦਵਾਨਾਂ ਨੇ ਗੁਰਮਤਿ ਸਿੱਖਿਆ, ਅਧਿਆਪਨ ਵਿਧੀਆਂ ਅਤੇ ਧਾਰਮਿਕ ਪ੍ਰਚਾਰ ਨਾਲ ਸਬੰਧਤ ਅਹਿਮ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
ਕੈਂਪ ਦੀ ਸਮਾਪਤੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਅੰਤ੍ਰਿੰਗ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਪੰਜ ਰੋਜ਼ਾ ਗੁਰਮਤਿ ਕੈਂਪ ਦਾ ਉਦਘਾਟਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤਾ ਗਿਆ ਸੀ। ਕੈਂਪ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੌਮ ਦੀ ਚੜ੍ਹਦੀ ਕਲਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕੈਂਪ ਦੀ ਸਫਲਤਾ ਲਈ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਵਾਨਾਂ ਵੱਲੋਂ ਸਾਂਝੇ ਕੀਤੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਪ੍ਰਚਾਰਕ ਤਿਆਰ ਕਰਨ ਲਈ ਹੋਰ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਆਪਕਾਂ ਨੂੰ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹੋਰ ਵੱਧ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ।
ਭਾਈ ਨੰਦ ਲਾਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ. ਸਤਨਾਮ ਸਿੰਘ ਨੇ ਸਮਾਗਮ ਵਿੱਚ ਪੁੱਜੇ ਮਹਿਮਾਨਾਂ ਦਾ ਸਵਾਗਤ ਕੀਤਾ, ਜਦਕਿ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਕੈਂਪ ਦੇ ਪਹਿਲੇ ਦਿਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰਬਾਣੀ ਸੰਥਿਆ ਅਤੇ ਸਿਖਲਾਈ ਦੇ ਬੁਨਿਆਦੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ, ਜਦਕਿ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਗੁਰਮਤਿ ਸੰਗੀਤ ਨਾਲ ਸਬੰਧਤ ਵਿਚਾਰ ਰੱਖੇ। ਦੂਜੇ ਦਿਨ ਡਾ. ਸਰਬਜੀਤ ਰੇਣੁਕਾ ਨੇ ਵਿਦਿਆਰਥੀਆਂ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਪੈਦਾ ਕਰਨ ਦੇ ਤਰੀਕਿਆਂ ਅਤੇ ਪ੍ਰਿੰਸੀਪਲ ਕੁਲਰਾਜ ਸਿੰਘ ਨੇ ਉੱਚੀ-ਸੁੱਚੀ ਰਹਿਣੀ ਤੇ ਨਿੱਜੀ ਜੀਵਨ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕੀਤੇ।
ਤੀਜੇ ਦਿਨ ਡਾ. ਦਵਿੰਦਰ ਸਿੰਘ ਜੌਹਲ ਨੇ ਸਿੱਖਿਆ ਅਤੇ ਮਨੋਵਿਗਿਆਨ ਨਾਲ ਸਬੰਧਤ ਵਿਸ਼ਿਆਂ ’ਤੇ ਚਾਨਣਾ ਪਾਇਆ, ਜਦਕਿ ਡਾ. ਰਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੀ ਬਾਣੀ ਦੇ ਸਮਾਜਿਕ ਸੰਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ। ਚੌਥੇ ਦਿਨ ਡਾ. ਸਤਨਿੰਦਰ ਸਿੰਘ ਬੋਦਲ ਨੇ ਕੀਰਤਨ ਸ਼ੈਲੀਆਂ ਅਤੇ ਰਿਆਜ਼ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾ. ਜਸਵੰਤ ਸਿੰਘ ਨੇ ਧਾਰਮਿਕ ਸਿੱਖਿਆ ਦੇ ਸਮਕਾਲੀ ਪ੍ਰਸੰਗਾਂ ’ਤੇ ਵਿਸਥਾਰ ਨਾਲ ਵਿਚਾਰ ਪ੍ਰਗਟ ਕੀਤੇ।
ਕੈਂਪ ਦੇ ਆਖਰੀ ਦਿਨ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ. ਸੁਖਵਰਸ਼ ਸਿੰਘ ਪੰਨੂ ਨੇ ਪੰਥ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਆਪਣੇ ਵਿਚਾਰ ਰੱਖੇ। ਸਮਾਪਤੀ ਸਮਾਰੋਹ ਦੌਰਾਨ ਪ੍ਰਿੰਸੀਪਲਾਂ, ਇੰਚਾਰਜਾਂ ਅਤੇ ਅਧਿਆਪਕਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਇੰਚਾਰਜ ਡਾ. ਜੋਗੇਸ਼ਵਰ ਸਿੰਘ, ਰਾਜਪਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸੁਪਰਵਾਈਜ਼ਰ ਭੁਪਿੰਦਰ ਸਿੰਘ, ਜਸਵੀਰ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ, ਭਾਈ ਗੁਰਭਾਗ ਸਿੰਘ ਸਮੇਤ ਹੋਰ ਪ੍ਰਬੰਧਕਾਂ ਨੇ ਵੀ ਸੇਵਾਵਾਂ ਨਿਭਾਈਆਂ।
ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਧਾਰਮਿਕ ਅਧਿਆਪਕਾਂ ਲਈ ਲਗਾਇਆ ਪੰਜ ਰੋਜ਼ਾ ਗੁਰਮਤਿ ਕੈਂਪ ਸੰਪੰਨ
