ਚੰਡੀਗੜ੍ਹ:- ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਮਾਮਲੇ 'ਚ ਹੁਣ ਤੱਕ ਦੀ ਜਾਂਚ ਦੀ ਵਿਸਤ੍ਰਿਤ ਸਟੇਟਸ ਰਿਪੋਰਟ ਤਲਬ ਕੀਤੀ ਹੈ। ਰਿਪੋਰਟ ਮਿਲਣ ਤੋਂ ਬਾਅਦ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 'ਚ ਜ਼ਮਾਨਤ ਪਟੀਸ਼ਨ 'ਤੇ ਵਿਚਾਰ ਕਰੇਗੀ।
ਸੰਜੀਵ ਅਰੋੜਾ ਨੇ ਨਿਯਮਤ ਜ਼ਮਾਨਤ ਲਈ ਹਾਈ ਕੋਰਟ ਦਾ ਦਰਵਾਜ਼ਾ ਉਸ ਸਮੇਂ ਖੜਕਾਇਆ, ਜਦੋਂ ਗੁਰੂਗ੍ਰਾਮ ਦੀ ਅਦਾਲਤ 15 ਜੂਨ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਚੁੱਕੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ 'ਚ ਨਿਯਮਤ ਜ਼ਮਾਨਤ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ।
ਮਾਮਲੇ ਅਨੁਸਾਰ, ਹਰਿਆਣਾ ਦੇ ਗੁਰੂਗ੍ਰਾਮ 'ਚ 18 ਮਾਰਚ ਨੂੰ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਐਫਆਈਆਰ ਦੇ ਅਧਾਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਅਰੋੜਾ ਦਾ ਕਹਿਣਾ ਹੈ ਕਿ ਈਡੀ ਦੀ ਪੂਰੀ ਕਾਰਵਾਈ ਇਸੇ ਐਫਆਈਆਰ 'ਤੇ ਅਧਾਰਿਤ ਹੈ ਅਤੇ ਉਸੇ ਕਾਰਨ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ।
ਮਨੀ ਲਾਂਡਰਿੰਗ ਕੇਸ ਚ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਝਟਕਾ ਤੁਰੰਤ ਰਾਹਤ ਦੇਣ ਤੋਂ ਇਨਕਾਰ
