ਨਵਾਂਸ਼ਹਿਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਬਿਹਤਰੀ, ਤਰੱਕੀ ਅਤੇ ਖੁਸ਼ਹਾਲੀ ਲਈ ਸਿਆਸੀ ਤਸਵੀਰ ਬਦਲਣ ਅਤੇ ਭਾਜਪਾ ਦੀ ਸਰਕਾਰ ਬਣਾਉਣ ਵਾਸਤੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਅਤੇ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਨ ਲਈ ਪ੍ਰਭਾਵਸ਼ਾਲੀ ਨੀਤੀਆਂ, ਦੂਰਅੰਦੇਸ਼ੀ ਅਤੇ ਬਿਹਤਰ ਭਵਿੱਖ ਦੇ ਦ੍ਰਿਸ਼ਟੀਕੋਣ ਨਾਲ ਭਾਜਪਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਭਾਜਪਾ ਆਗੂ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਸਮੇਂ ਦੀਆਂ ਮੁੱਖ ਲੋੜਾਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਖਾਤਮਾ ਕਰਨਾ, ਬੇਰੋਜ਼ਗਾਰੀ ’ਤੇ ਕਾਬੂ ਪਾਉਣਾ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨਾ ਵੀ ਪੰਜਾਬ ਦੀਆਂ ਅਹਿਮ ਤਰਜੀਹਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸਰਕਾਰ ਬਣਾਉਣ ਦੇ ਕਈ ਮੌਕੇ ਦਿੱਤੇ ਹਨ, ਪਰ ਸੂਬੇ ਨੂੰ ਅਜੇ ਵੀ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਮਜ਼ਬੂਤ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਸੋਚ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਕਜੁੱਟ ਹੋ ਕੇ ਭਾਜਪਾ ਦੇ ਹੱਕ ਵਿੱਚ ਸਹਿਯੋਗ ਦੇਣ, ਤਾਂ ਜੋ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਨਾਲ ਆਪਣਾ ਸੰਪਰਕ ਮਜ਼ਬੂਤ ਕਰਦਿਆਂ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਲਾਮਬੰਦ ਹੋ ਜਾਣਾ ਚਾਹੀਦਾ ਹੈ।
