ਪਟਿਆਲਾ, 17 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਚਾਰ ਰੋਜ਼ਾ 'ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ' ਅੱਜ ਆਰੰਭ ਹੋ ਗਿਆ। ਇਸ ਯੁਵਕ ਮੇਲੇ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਉੱਘੇ ਲੋਕ ਗਾਇਕ ਪੰਮੀ ਬਾਈ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਚਾਰ ਰੋਜ਼ਾ ਯੁਵਕ ਮੇਲੇ ਦੌਰਾਨ ਪੰਜਾਬ ਦੀਆਂ 23 ਵੱਖ-ਵੱਖ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਵਿੱਚ ਜੇਤੂ ਵਿਦਿਆਰਥੀ 56 ਵੱਖ-ਵੱਖ ਕਲਾ ਅਤੇ ਸੱਭਿਆਚਾਰਕ ਵੰਨਗੀਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਉਦਘਾਟਨੀ ਸ਼ਬਦਾਂ ਵਿੱਚ ਕਿਹਾ ਕਿ ਯੁਵਕ ਮੇਲੇ ਮਹਿਜ਼ ਮੁਕਾਬਲਿਆਂ ਜਾਂ ਇਨਾਮਾਂ ਤੱਕ ਸੀਮਤ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਦੀ ਪ੍ਰਤਿਭਾ, ਸਿਰਜਣਾਤਮਕਤਾ ਅਤੇ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਦੇ ਮਹੱਤਵਪੂਰਨ ਮੰਚ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਡਿਗਰੀਆਂ ਹਾਸਲ ਕਰਨਾ ਨਹੀਂ, ਬਲਕਿ ਅਜਿਹੇ ਸੰਵੇਦਨਸ਼ੀਲ, ਸਿਰਜਣਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਵੀ ਹੈ, ਜੋ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਮਕਸਦ ਦੀ ਪੂਰਤੀ ਲਈ ਯੁਵਕ ਮੇਲੇ ਵਿਸ਼ੇਸ਼ ਸਥਾਨ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਦਾ ਆਪਣਾ ਅਮੀਰ ਸੱਭਿਆਚਾਰਕ ਵਿਰਸਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਇਸ ਵਿਰਾਸਤ ਦੀ ਅਸਲ ਵਾਰਿਸ ਹੈ। ਅਜਿਹੇ ਮੇਲੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਦੇ ਪ੍ਰਗਟਾਵੇ ਲਈ ਇੱਕ ਸਾਂਝਾ ਮੰਚ ਪ੍ਰਦਾਨ ਕਰਦੇ ਹਨ।
ਮੁੱਖ ਮਹਿਮਾਨ ਪੰਮੀ ਬਾਈ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਲੋਕ ਕਲਾ, ਲੋਕ ਸੰਗੀਤ ਅਤੇ ਸੱਭਿਆਚਾਰਕ ਪਰੰਪਰਾਵਾਂ ਸਾਡੀ ਅਨਮੋਲ ਪੂੰਜੀ ਹਨ। ਇਨ੍ਹਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਿੱਟੀ, ਬੋਲੀ ਅਤੇ ਵਿਰਸੇ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ।
ਮੇਲੇ ਦੇ ਪਹਿਲੇ ਦਿਨ ਭੰਗੜੇ ਦੇ ਮੁਕਾਬਲਿਆਂ ਅਤੇ ਦਰਸ਼ਕਾਂ ਦੇ ਉਤਸ਼ਾਹ ਨੇ ਉਦਘਾਟਨ ਸਮਾਰੋਹ ਨੂੰ ਸਿਖਰ 'ਤੇ ਪਹੁੰਚਾ ਦਿੱਤਾ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਚਾਰ ਦਿਨ ਪੰਜ ਵੱਖ-ਵੱਖ ਮੰਚਾਂ ਉੱਤੇ ਸਮਾਨਾਂਤਰ ਚੱਲੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਸਮੂਹ ਸ਼ਬਦ, ਸ਼ਾਸਤਰੀ ਸੰਗੀਤ, ਕਲਾਸੀਕਲ ਨਾਚ, ਮਾਈਮ, ਭੰਡ, ਸਟੈਂਡ-ਅੱਪ ਕਾਮੇਡੀ, ਮਿਮਿਕਰੀ, ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰ ਕੁਇਜ਼, ਪੰਜਾਬੀ ਮੁਹਾਵਰੇਦਾਰ ਵਾਰਤਾਲਾਪ, ਕਰੋਸ਼ੀਏ ਦੀ ਬੁਣਤੀ, ਨਾਲਾ ਬੁਣਨਾ, ਕਢਾਈ (ਬਾਗ), ਕਢਾਈ (ਫੁਲਕਾਰੀ), ਪੱਖੀ ਬਣਾਉਣਾ, ਗੁੱਡੀਆਂ-ਪਟੋਲੇ ਬਣਾਉਣਾ, ਪਰਾਂਦਾ ਬਣਾਉਣਾ, ਰੱਸਾ ਵੱਟਣਾ, ਟੋਕਰੀ ਬਣਾਉਣਾ, ਛਿੱਕੂ ਬਣਾਉਣਾ, ਪੀੜ੍ਹੀ ਬੁਣਨੀ, ਮਿੱਟੀ ਦੇ ਖਿਡੌਣੇ ਬਣਾਉਣਾ, ਖਿੱਦੋ ਬਣਾਉਣਾ ਅਤੇ ਇੰਨੂੰ ਬਣਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ।
