ਪਟਿਆਲਾ, 21 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦਾ ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ’ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਿਖਰ ’ਤੇ ਪਹੁੰਚਣ ਉਪਰੰਤ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਯੁਵਕ ਮੇਲੇ ਦੌਰਾਨ ਪੰਜਾਬ ਦੀਆਂ 23 ਵੱਖ-ਵੱਖ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੇ 56 ਵੱਖ-ਵੱਖ ਕਲਾ ਵੰਨਗੀਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਸ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਵੱਖ-ਵੱਖ ਕਲਾਤਮਕ ਵੰਨਗੀਆਂ ਵਿੱਚ ਜਿੱਤ ਦਰਜ ਕਰਦਿਆਂ ਪਹਿਲਾ ਰਨਰ-ਅੱਪ ਭਾਵ ਓਵਰਆਲ ਦੂਜਾ ਸਥਾਨ ਹਾਸਲ ਕੀਤਾ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਮੇਲੇ ਦੀ ਓਵਰਆਲ ਚੈਂਪੀਅਨ ਬਣੀ, ਜਦਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਮੇਲੇ ਦੇ ਆਖਰੀ ਦਿਨ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਲੋਕ-ਕਲਾਵਾਂ ਸਾਡੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਅਤੇ ਨੌਜਵਾਨਾਂ ਵੱਲੋਂ ਇਨ੍ਹਾਂ ਵੰਨਗੀਆਂ ਵਿੱਚ ਦਿਖਾਇਆ ਗਿਆ ਉਤਸ਼ਾਹ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਕਲਾਕਾਰ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਉਪਰੰਤ ਉਨ੍ਹਾਂ ਜੇਤੂ ਟੀਮਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਅਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਤੇ ਯੂਨੀਵਰਸਿਟੀ ਦੇ ਸਮੂਹ ਪ੍ਰਬੰਧਕਾਂ ਨੂੰ ਇਸ ਸ਼ਾਨਦਾਰ ਆਯੋਜਨ ਲਈ ਵਧਾਈ ਦਿੱਤੀ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਚਾਰ ਦਿਨਾਂ ਤੱਕ ਪੰਜ ਵੱਖ-ਵੱਖ ਮੰਚਾਂ ’ਤੇ ਸਮਾਨਾਂਤਰ ਚੱਲਿਆ। ਆਖਰੀ ਦਿਨ ਗਿੱਧੇ ਤੋਂ ਇਲਾਵਾ ਰਵਾਇਤੀ ਪਹਿਰਾਵੇ ਦੀ ਪ੍ਰਦਰਸ਼ਨੀ, ਦਸਤਾਰ ਸਜਾਉਣ ਅਤੇ ਰਵਾਇਤੀ ਲੋਕ-ਗੀਤ ਦੇ ਮੁਕਾਬਲੇ ਵੀ ਕਰਵਾਏ ਗਏ।
