ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ 2026:- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉਤਪਾਦਕਾਂ ਨੂੰ ਕੁਸ਼ਲ ਡੇਅਰੀ ਪ੍ਰਬੰਧਕ ਬਣਾਉਣ ਲਈ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 17 ਨਵੰਬਰ 2026 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਚਤਾਮਲੀ (ਕੁਰਾਲੀ-ਮੋਰਿੰਡਾ ਰੋਡ), ਜ਼ਿਲ੍ਹਾ ਰੂਪਨਗਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਹਰਵੰਤ ਸਿੰਘ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ, ਜਿਨ੍ਹਾਂ ਨੇ ਘੱਟੋ-ਘੱਟ ਮੈਟ੍ਰਿਕ ਪਾਸ ਕੀਤੀ ਹੋਵੇ ਅਤੇ ਜੋ ਪੇਂਡੂ ਖੇਤਰ ਨਾਲ ਸਬੰਧ ਰੱਖਦੇ ਹੋਣ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨ੍ਹਾਂ ਦੀ ਜਾਂਚ, ਦੁੱਧ ਤੋਂ ਉਤਪਾਦ ਤਿਆਰ ਕਰਨ, ਸਾਫ਼ ਅਤੇ ਸ਼ੁੱਧ ਦੁੱਧ ਪੈਦਾ ਕਰਨ ਅਤੇ ਖਾਦ-ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀਬਾੜੀ ਦੇ ਫ਼ਸਲੀ ਚੱਕਰ ਵਿੱਚ ਬਦਲਾਅ ਲਿਆਉਣ ਲਈ ਡੇਅਰੀ ਦਾ ਧੰਦਾ ਅਹਿਮ ਭੂਮਿਕਾ ਨਿਭਾਉਂਦਾ ਹੈ। ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਐੱਸ.ਏ.ਐੱਸ. ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ’ਤੇ ਸੰਪਰਕ ਕਰ ਸਕਦੇ ਹਨ। ਫੋਨ ਨੰਬਰ 8221024797 ਅਤੇ 7009982900 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।