ਪਟਿਆਲਾ, 26 ਜੂਨ:- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਦੇ ਬੈਨਰ ਹੇਠ ਸਰਕਾਰੀ ਅਤੇ ਅਰਧ-ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਮੁਲਾਜ਼ਮਾਂ, ਕੱਚੇ ਤੇ ਪੱਕੇ ਕਰਮਚਾਰੀਆਂ, ਮਿਡ-ਡੇ-ਮੀਲ ਵਰਕਰਾਂ ਅਤੇ ਸਿਹਤ ਵਿਭਾਗ ਦੇ ਮੇਲ ਅਤੇ ਫੀਮੇਲ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ, ਸਿਹਤ ਮੰਤਰੀ, ਸਿੱਖਿਆ ਮੰਤਰੀ, ਸਥਾਨਕ ਸਰਕਾਰ ਮੰਤਰੀ ਅਤੇ ਵਿੱਤ ਮੰਤਰੀ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਉਪਰੰਤ ਲੀਲਾ ਭਵਨ ਚੌਂਕ ਤੱਕ ਰੋਸ ਮਾਰਚ ਕੱਢ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਦੌਰਾਨ ਸਰਕਾਰ ਨੂੰ ਤਿੰਨ ਵੱਖ-ਵੱਖ ਮੰਗ ਪੱਤਰ ਸੌਂਪੇ ਗਏ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੰਟਰੈਕਟ, ਆਊਟਸੋਰਸ, ਪਾਰਟ-ਟਾਈਮ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਹੋਰ ਚੌਥਾ ਦਰਜਾ ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਪੱਕਾ ਕੀਤਾ ਜਾਵੇ ਅਤੇ ਠੇਕੇਦਾਰੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਘੱਟੋ-ਘੱਟ ਉਜਰਤ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਜਾਵੇ। ਇਹ ਉਜਰਤ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਐਂਟੀ ਲਾਰਵਾ (ਬਰੀਡਿੰਗ) ਕਰਮਚਾਰੀਆਂ ਅਤੇ ਹੋਰ ਸਕੀਮ ਵਰਕਰਾਂ 'ਤੇ ਵੀ ਲਾਗੂ ਕੀਤੀ ਜਾਵੇ। ਨਾਲ ਹੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ।
ਯੂਨੀਅਨ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਚੌਕੀਦਾਰਾਂ ਲਈ ਵੀ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ, ਵਰਦੀਆਂ ਅਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ।
ਇਸ ਮੌਕੇ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ (1680) ਵੱਲੋਂ ਵੀ ਵੱਖਰਾ ਮੰਗ ਪੱਤਰ ਭੇਜਿਆ ਗਿਆ, ਜਿਸ ਵਿੱਚ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ, ਮਹਿੰਗਾਈ ਭੱਤੇ ਅਤੇ ਇਸ ਦੇ ਬਕਾਏ ਦੀ 30 ਜੂਨ ਤੱਕ ਮਾਣਯੋਗ ਉੱਚ ਅਦਾਲਤਾਂ ਦੇ ਫ਼ੈਸਲਿਆਂ ਅਨੁਸਾਰ ਨਕਦ ਅਦਾਇਗੀ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀਆਂ ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਅਤੇ ਮਿਡ-ਡੇ-ਮੀਲ ਵਰਕਰਾਂ ਦੀਆਂ ਚਾਰ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ।
ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਨੂੰ ਲਿਖਤੀ ਰੂਪ ਵਿੱਚ ਮੰਗ ਕੀਤੀ ਕਿ ਸਮੁੱਚੇ ਕੱਚੇ ਕਰਮਚਾਰੀਆਂ ਦੀਆਂ ਸੂਚੀਆਂ ਅਪਡੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਕੀਤੀਆਂ ਜਾਣ। ਉਨ੍ਹਾਂ ਐਲਾਨ ਕੀਤਾ ਕਿ ਹੁਣ ਕੱਚਾ ਮੁਲਾਜ਼ਮ ਵਰਗ ਚੁੱਪ ਨਹੀਂ ਬੈਠੇਗਾ ਅਤੇ ਸਾਂਝੇ ਸੰਘਰਸ਼ਾਂ ਵਿੱਚ ਪੂਰੀ ਹਮਾਇਤ ਕਰੇਗਾ। ਉਨ੍ਹਾਂ ਦੱਸਿਆ ਕਿ 10 ਜੁਲਾਈ ਨੂੰ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਮੋਹਾਲੀ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਅਤੇ ਵਿਭਾਗ ਦਾ ਪਿੱਟ ਸਿਆਪਾ ਕੀਤਾ ਜਾਵੇਗਾ।
ਅੱਜ ਦੇ ਰੋਸ ਪ੍ਰਦਰਸ਼ਨ ਨੂੰ ਦਰਸ਼ਨ ਸਿੰਘ ਲੁਬਾਣਾ, ਦੀਪ ਚੰਦ ਹੰਸ, ਸੁਨੀਲ ਦੱਤ, ਰਾਜੇਸ਼ ਗੋਲੂ, ਇੰਦਰਪਾਲ ਵਾਲੀਆ, ਗੌਤਮ ਭਾਰਦਵਾਜ, ਲਖਵੀਰ ਸਿੰਘ, ਰਾਮ ਲਾਲ ਰਾਮਾ, ਸ਼ਿਵ ਚਰਨ, ਰਾਮ ਪ੍ਰਸਾਦ ਸਹੋਤਾ, ਚਰਨਜੀਤ ਮਰਦਾਪੁਰ, ਸਤਨਾਮ ਸਿੰਘ, ਧਰਮਿੰਦਰ, ਗੁਰਿੰਦਰ ਗੁਰੀ, ਰਾਜ ਜੋਧਾ, ਕਰਮਜੀਤ ਟੀਨਾ, ਕਾਲਾ ਸਿੰਘ, ਤਰਲੋਚਨ ਮੰਡੋਲੀ, ਦਰਸ਼ਨ ਸਿੰਘ ਮਲੇਵਾਲ, ਹਰਭੀਮ ਸਿੰਘ, ਹਰਦੀਪ ਸਿੰਘ, ਮਦਨ ਲਾਲ ਨਾਭਾ, ਅਜੇ ਕੁਮਾਰ ਨਾਭਾ, ਅਜੈ ਕੁਮਾਰ ਸਨੌਰ, ਰਾਜ ਕੁਮਾਰ ਸਨੌਰ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਅਤੇ ਸਤਿਨਰਾਇਣ ਗੋਨੀ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।