ਰਤੀਆ, 12 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗੀਠਾ ਸਾਹਿਬ ਨਥਵਾਂ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸਿੰਘ ਲੈਬੋਰੇਟਰੀ ਦੀ ਟੀਮ ਵੱਲੋਂ ਮੁਫ਼ਤ ਲੈਬ ਟੈਸਟ ਕੀਤੇ ਗਏ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਆਪਣੇ ਖੂਨ ਦੇ ਟੈਸਟ ਕਰਵਾਏ।
ਜਾਣਕਾਰੀ ਦਿੰਦਿਆਂ ਸਮਾਜ ਸੇਵੀ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਕਈ ਦਿਨਾਂ ਤੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਦੇਸ਼-ਵਿਦੇਸ਼ ਤੋਂ ਸੰਗਤ ਸ਼ਮੂਲੀਅਤ ਕਰ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੰਗਤ ਦੀ ਸੇਵਾ ਲਈ ਮੁਫ਼ਤ ਐਚ.ਬੀ., ਕੈਲਸ਼ੀਅਮ, ਸ਼ੂਗਰ, ਐਸ.ਜੀ.ਪੀ.ਟੀ. ਅਤੇ ਯੂਰਿਕ ਐਸਿਡ ਦੇ ਲੈਬ ਟੈਸਟ ਕਰਨ ਵਾਸਤੇ ਵਿਸ਼ਾਲ ਕੈਂਪ ਲਗਾਇਆ ਗਿਆ। ਇਸ ਵਿੱਚ ਸਿੰਘ ਲੈਬੋਰੇਟਰੀ ਦੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਲਾਭ ਉਠਾਇਆ।
ਇਸ ਮੌਕੇ ਗੁਰਦੁਆਰਾ ਸਾਹਿਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਸਟੱਡੀ ਸਰਕਲ ਵੱਲੋਂ ਟੀਮ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
