ਮੂਣਕ/ਸੰਗਰੂਰ, 30 ਸਤੰਬਰ:- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਚਲਾਈ ਜਾ ਰਹੀ ਵਿਸ਼ਾਲ ਮੁਹਿੰਮ ਤਹਿਤ ਅੱਜ ਪਿੰਡ ਮਹਾਂ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ੀਸ਼ ਠਠਈ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਦੱਸਿਆ ਕਿ ਕੈਂਪ ਵਿੱਚ 150 ਤੋਂ ਵੱਧ ਵਿਅਕਤੀਆਂ ਨੇ ਲਾਭ ਲਿਆ। ਇਸ ਦੌਰਾਨ ਪਿੰਡ ਵਾਸੀਆਂ ਦੀ ਮੁਫ਼ਤ ਡਾਕਟਰੀ ਜਾਂਚ ਅਤੇ ਗ਼ੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਅੱਖਾਂ ਦੇ ਮਾਹਿਰ ਡਾ. ਰਮਨਪ੍ਰੀਤ ਕੌਰ ਅਤੇ ਮੈਡੀਕਲ ਅਫ਼ਸਰ ਡਾ. ਸਾਹਿਲ ਨੇ ਆਪਣੀ ਟੀਮ ਸਮੇਤ ਕੈਂਪ ਵਿੱਚ ਪਹੁੰਚੇ ਵਿਅਕਤੀਆਂ ਦੀ ਡਾਕਟਰੀ ਜਾਂਚ ਕੀਤੀ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ। ਇਸ ਕੈਂਪ ਰਾਹੀਂ ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਡਾਕਟਰੀ ਸੇਵਾਵਾਂ ਦਾ ਲਾਭ ਲੈਣ ਅਤੇ ਸਿਹਤ ਸਬੰਧੀ ਸਮੱਸਿਆਵਾਂ ਦੀ ਮਾਹਿਰ ਡਾਕਟਰਾਂ ਤੋਂ ਜਾਂਚ ਕਰਵਾਉਣ ਦਾ ਮੌਕਾ ਮਿਲਿਆ।
ਡਾਕਟਰੀ ਸੇਵਾਵਾਂ ਦੇ ਨਾਲ-ਨਾਲ ਕੈਂਪ ਵਿੱਚ ਪਹੁੰਚੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮੁਹੱਈਆ ਕਰਵਾਈ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਆਸ਼ੀਸ਼ ਠਠਈ ਨੇ ਕਿਹਾ ਕਿ ਇਸ ਉਪਰਾਲੇ ਰਾਹੀਂ ਸਿਹਤ ਸੇਵਾਵਾਂ ਦੇ ਨਾਲ ਕਾਨੂੰਨੀ ਜਾਗਰੂਕਤਾ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਗਿਆ ਹੈ, ਤਾਂ ਜੋ ਉਹ ਡਾਕਟਰੀ ਸਹੂਲਤਾਂ ਦਾ ਲਾਭ ਲੈਣ ਦੇ ਨਾਲ-ਨਾਲ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਹੋ ਸਕਣ। ਉਨ੍ਹਾਂ ਕਾਨੂੰਨੀ ਮਦਦ ਦੀ ਲੋੜ ਵਾਲੇ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਅਤੇ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ।
ਇਹ ਕੈਂਪ ਨਾਲਸਾ ਦੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਲੋਕਾਂ ਵਿੱਚ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਵਧਾਉਣ ਲਈ ਚਲਾਈ ਜਾ ਰਹੀ ਵਿਸ਼ਾਲ ਮੁਹਿੰਮ ਦਾ ਹਿੱਸਾ ਸੀ।
