ਚੰਡੀਗੜ੍ਹ, 3 ਜੁਲਾਈ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਿਸਾਨਾਂ ਦੇ ਨਲਕੂਪਾਂ/ਟਿਊਬਵੈੱਲਾਂ ਦੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਖੇਤ ਅਤੇ ਪਾਣੀ ਦੀ ਗੁਣਵੱਤਾ ਦੇ ਅਨੁਸਾਰ ਸਮੇਂ ਸਿਰ ਵਿਗਿਆਨਕ ਸਲਾਹ ਉਪਲਬਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਸਾਰੇ ਨਲਕੂਪਾਂ ਦੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਵਾਏਗੀ ਅਤੇ ਇਸ ਪੂਰੀ ਪ੍ਰਕਿਰਿਆ ਨੂੰ ਕਿਸਾਨ ਹਿੱਤ ਵਿੱਚ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਰਾਜ ਸਰਕਾਰ ਦੇ ਬਜਟ ਐਲਾਨਾਂ, ਮੁੱਖ ਮੰਤਰੀ ਐਲਾਨਾਂ ਅਤੇ ਸੰਕਲਪ ਪੱਤਰ-2024 ਦੀਆਂ ਪ੍ਰਤੀਬੱਧਤਾਵਾਂ ਦੀ ਸਮੀਖਿਆ ਲਈ ਆਯੋਜਿਤ ਉੱਚ-ਪੱਧਰੀ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕਰ ਰਹੇ ਸਨ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ਼੍ਰੀਮਤੀ ਅਮਨੀਤ ਪੀ. ਕੁਮਾਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜਨਾਰਾਇਣ ਕੌਸ਼ਿਕ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਵੀਰੇਂਦਰ ਬੜਖਾਲਸਾ, ਮੁੱਖ ਮੰਤਰੀ ਦੇ ਓਐਸਡੀ ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਨਲਕੂਪ/ਟਿਊਬਵੈੱਲ ਦੇ ਪਾਣੀ ਦੀ ਮੁਫ਼ਤ ਜਾਂਚ, ‘ਮੇਰੀ ਫ਼ਸਲ-ਮੇਰਾ ਬਿਉਰਾ’ ਪੋਰਟਲ ਨਾਲ ਜੁੜੇਗੀ ਪੂਰੀ ਵਿਵਸਥਾ
ਮੁੱਖ ਮੰਤਰੀ ਨੇ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੇ ਨਲਕੂਪਾਂ ਦੇ ਪਾਣੀ ਦੇ ਨਮੂਨਿਆਂ ਦੀ ਮੁਫ਼ਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣੇ ਪਾਣੀ ਦੇ ਨਮੂਨੇ ਟੈਸਟਿੰਗ ਲਈ ਸਬੰਧਤ ਲੈਬਾਰਟਰੀਆਂ ਵਿੱਚ ਜਮ੍ਹਾ ਕਰਾਉਣ ਦੀ ਸਹੂਲਤ ਉਪਲਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਪੂਰੀ ਵਿਵਸਥਾ ਨੂੰ ‘ਮੇਰੀ ਫ਼ਸਲ-ਮੇਰਾ ਬਿਉਰਾ’ ਪੋਰਟਲ ਨਾਲ ਜੋੜਿਆ ਜਾਵੇ, ਤਾਂ ਜੋ ਹਰ ਨਮੂਨੇ ਦਾ ਰਿਕਾਰਡ, ਉਸਦੀ ਜਾਂਚ ਰਿਪੋਰਟ ਅਤੇ ਉਸ ਨਾਲ ਸਬੰਧਤ ਖੇਤੀ ਸਲਾਹ ਡਿਜੀਟਲ ਰੂਪ ਵਿੱਚ ਉਪਲਬਧ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਨਲਕੂਪਾਂ ਦੇ ਪਾਣੀ ਦੀ ਜਾਂਚ ਵਿੱਚ ਕਾਰਬੋਨੇਟ, ਬਾਈਕਾਰਬੋਨੇਟ, ਕੈਲਸ਼ੀਅਮ, ਮੈਗਨੀਸ਼ੀਅਮ, ਸੋਡੀਅਮ, ਕਲੋਰਾਈਡ ਸਮੇਤ ਹੋਰ ਲੋੜੀਂਦੇ ਰਸਾਇਣਕ ਤੱਤਾਂ ਅਤੇ ਜਲ ਗੁਣਵੱਤਾ ਮਾਪਦੰਡਾਂ ਦਾ ਟੈਸਟ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਟੈਸਟਾਂ ਦੇ ਆਧਾਰ 'ਤੇ ਕਿਸਾਨਾਂ ਨੂੰ ਸਪੱਸ਼ਟ ਤੌਰ 'ਤੇ ਦੱਸਿਆ ਜਾਵੇ ਕਿ ਉਨ੍ਹਾਂ ਦੇ ਪਾਣੀ ਦੀ ਗੁਣਵੱਤਾ ਦੇ ਅਨੁਸਾਰ ਕਿਹੜੀਆਂ ਫ਼ਸਲਾਂ ਢੁਕਵੀਆਂ ਰਹਿਣਗੀਆਂ, ਕਿਹੜੀਆਂ ਫ਼ਸਲਾਂ ਤੋਂ ਬਚਣਾ ਚਾਹੀਦਾ ਹੈ ਅਤੇ ਕਿਸ ਤਰ੍ਹਾਂ ਦੀ ਪੌਸ਼ਟਿਕ ਤੱਤਾਂ ਦੀ ਕਮੀ ਜਾਂ ਜਲ-ਗੁਣਵੱਤਾ ਦੀ ਸਥਿਤੀ ਵਿੱਚ ਕਿਹੜੀ ਖੇਤੀ ਪੱਧਤੀ ਅਪਣਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਪਾਣੀ ਦੀ ਜਾਂਚ ਕਰਕੇ ਰਿਪੋਰਟ ਦੇਣਾ ਨਹੀਂ, ਸਗੋਂ “ਪਾਣੀ ਦੀ ਰਿਪੋਰਟ ਦੇ ਆਧਾਰ 'ਤੇ ਫ਼ਸਲ ਚੋਣ” ਦੀ ਵਿਗਿਆਨਕ ਵਿਵਸਥਾ ਵਿਕਸਿਤ ਕਰਨਾ ਹੈ, ਤਾਂ ਜੋ ਕਿਸਾਨ ਉਪਲਬਧ ਪਾਣੀ ਦੀ ਗੁਣਵੱਤਾ ਦੇ ਅਨੁਸਾਰ ਸਹੀ ਫ਼ਸਲ ਦੀ ਚੋਣ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨ ਆਪਣੇ ਨਲਕੂਪ ਦਾ ਸੈਂਪਲ ਆਪਣੀ ਨਜ਼ਦੀਕੀ ਲੈਬ ਵਿੱਚ ਕਦੇ ਵੀ ਲਿਜਾ ਕੇ ਟੈਸਟ ਕਰਵਾ ਸਕਦੇ ਹਨ।
ਕੁਦਰਤੀ ਅਤੇ ਜੈਵਿਕ ਖੇਤੀ ਨੂੰ ਹੁਲਾਰਾ, ਪਾਤਰ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਜਟ 2026-27 ਵਿੱਚ ਕੀਤੇ ਗਏ ਐਲਾਨਾਂ ਦੇ ਅਨੁਸਾਰ ਲੋੜੀਂਦੀਆਂ ਵਿਵਸਥਾਵਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਸਹਾਇਤਾ ਉਪਲਬਧ ਕਰਾਉਣ, ਪ੍ਰਮਾਣੀਕਰਣ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਇਸ ਖੇਤਰ ਵਿੱਚ ਸੰਸਥਾਗਤ ਢਾਂਚਾ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਮੀਟਿੰਗ ਵਿੱਚ ਇਸ ਸਬੰਧੀ ਵੱਖ-ਵੱਖ ਪ੍ਰਬੰਧਾਂ, ਵਿਵਸਥਾਵਾਂ ਅਤੇ ਅਮਲ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਐਪੀਡਾ ਤੋਂ ਪ੍ਰਮਾਣਿਤ ਜਾਂ ਕੁਦਰਤੀ/ਜੈਵਿਕ ਖੇਤੀ ਅਪਣਾਉਣ ਵਾਲੇ ਕਿਸਾਨਾਂ ਨੂੰ 10,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦੀ ਦਰ ਨਾਲ ਪ੍ਰੋਤਸਾਹਨ ਰਾਸ਼ੀ ਉਪਲਬਧ ਕਰਾਉਣ ਦੇ ਸਬੰਧ ਵਿੱਚ ਲੋੜੀਂਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇ, ਤਾਂ ਜੋ ਪਾਤਰ ਕਿਸਾਨਾਂ ਨੂੰ ਨਿਰਧਾਰਤ ਪ੍ਰਬੰਧਾਂ ਅਨੁਸਾਰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਨਾਲ ਸਬੰਧਤ ਯੋਗਤਾ, ਅਰਜ਼ੀ, ਪ੍ਰਮਾਣੀਕਰਣ, ਤਸਦੀਕ ਅਤੇ ਗ੍ਰਾਂਟ ਵੰਡ ਦੀ ਪ੍ਰਕਿਰਿਆ ਨੂੰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੀ ਮਲਕੀਅਤ ਵਾਲੀ ਲਗਭਗ 800 ਏਕੜ ਜ਼ਮੀਨ 'ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਵੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜ਼ਮੀਨ ਦੀ ਵਰਤੋਂ ਕੁਦਰਤੀ/ਜੈਵਿਕ ਖੇਤੀ ਲਈ ਕਰਨ ਸਬੰਧੀ ਵਿਵਸਥਾ ਨੂੰ ਅੱਗੇ ਵਧਾਇਆ ਜਾਵੇ, ਤਾਂ ਜੋ ਚਾਹਵਾਨ ਕਿਸਾਨਾਂ ਨੂੰ ਇਸ ਦਿਸ਼ਾ ਵਿੱਚ ਉਤਸ਼ਾਹਿਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੁਦਰਤੀ ਖੇਤੀ ਨੂੰ ਵਿਹਾਰਕ ਰੂਪ ਵਿੱਚ ਮਜ਼ਬੂਤ ਬਣਾਉਣ ਲਈ ਕਿਸਾਨਾਂ ਨੂੰ ਲੋੜੀਂਦਾ ਬੁਨਿਆਦੀ ਸਹਿਯੋਗ ਉਪਲਬਧ ਕਰਾਇਆ ਜਾਵੇ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਅਪਣਾਉਣ ਵਾਲੇ ਕਿਸਾਨਾਂ ਨੂੰ ਦੇਸੀ ਗਾਂ ਖਰੀਦਣ ਲਈ 30,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਉਪਲਬਧ ਕਰਾਉਣ ਸਬੰਧੀ ਵਿਵਸਥਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਕਿਸਾਨ ਗਊ-ਆਧਾਰਿਤ ਕੁਦਰਤੀ ਖੇਤੀ ਲਈ ਲੋੜੀਂਦੇ ਸਰੋਤ ਜੁਟਾ ਸਕਣ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਨਾਲ ਸਬੰਧਤ ਪ੍ਰਮਾਣੀਕਰਣ, ਪ੍ਰੋਤਸਾਹਨ, ਸਿਖਲਾਈ, ਜ਼ਮੀਨ ਦੀ ਵਰਤੋਂ, ਮਾਰਕੀਟਿੰਗ ਅਤੇ ਉਤਪਾਦਾਂ ਦੀ ਵਿਕਰੀ ਵਰਗੇ ਸਾਰੇ ਪਹਿਲੂਆਂ ਨੂੰ ਇੱਕੀਕ੍ਰਿਤ ਦ੍ਰਿਸ਼ਟੀਕੋਣ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਉਤਪਾਦਨ ਤੋਂ ਲੈ ਕੇ ਬਾਜ਼ਾਰ ਤੱਕ ਬਿਹਤਰ ਵਿਵਸਥਾ ਮਿਲ ਸਕੇ।
ਫਾਸਫੋਰਸ ਯੁਕਤ ਜੈਵਿਕ ਖਾਦ) ਨੂੰ ਹੁਲਾਰਾ ਦੇਣ 'ਤੇ ਜ਼ੋਰ
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਫਾਸਫੋਰਸ ਯੁਕਤ ਜੈਵਿਕ ਖਾਦ ਦੇ ਉਪਯੋਗ ਨੂੰ ਹੁਲਾਰਾ ਦੇਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਵਿੱਚ ਸੁਧਾਰ, ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਅਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਮਜ਼ਬੂਤ ਆਧਾਰ ਦੇਣ ਲਈ ਅਜਿਹੀਆਂ ਜੈਵਿਕ ਖਾਦਾਂ ਦੇ ਉਪਯੋਗ ਨੂੰ ਉਤਸ਼ਾਹਿਤ ਕੀਤਾ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫਾਸਫੋਰਸ ਯੁਕਤ ਜੈਵਿਕ ਖਾਦ ਸਮੇਤ ਹੋਰ ਜੈਵਿਕ ਖਾਦਾਂ ਦੇ ਉਪਯੋਗ, ਉਪਲਬਧਤਾ ਅਤੇ ਲਾਭਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਕੁਦਰਤੀ ਅਤੇ ਜੈਵਿਕ ਖੇਤੀ ਨਾਲ ਜੁੜੇ ਪ੍ਰੋਗਰਾਮਾਂ ਦੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੋੜਿਆ ਜਾਵੇ।
ਗੰਨਾ ਉਤਪਾਦਨ ਵਧਾਉਣ, ਪ੍ਰੋਤਸਾਹਨ ਰਾਸ਼ੀ ਅਤੇ ਆਧੁਨਿਕ ਤਕਨੀਕ 'ਤੇ ਜ਼ੋਰ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਵਿੱਚ ਗੰਨਾ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਦੇ ਉਦੇਸ਼ ਨਾਲ ਗੰਨਾ ਖੇਤਰ ਨਾਲ ਸਬੰਧਤ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੰਨੇ ਦੀ ਵੱਧ ਪੈਦਾਵਾਰ ਲਈ ਦਿੱਤੀ ਜਾਣ ਵਾਲੀ ਪ੍ਰੋਤਸਾਹਨ ਰਾਸ਼ੀ ਵਧਾਉਣ ਦੀਆਂ ਸੰਭਾਵਨਾਵਾਂ 'ਤੇ ਕੰਮ ਕੀਤਾ ਜਾਵੇ, ਤਾਂ ਜੋ ਕਿਸਾਨ ਉੱਨਤ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਗੰਨਾ ਕਿਸਾਨਾਂ ਨੂੰ ਰਾਹਤ ਦੇਣ ਅਤੇ ਲਾਗਤ ਘਟਾਉਣ ਲਈ ਸ਼ੂਗਰਕੇਨ ਹਾਰਵੈਸਟਰ ਉਪਲਬਧ ਕਰਾਉਣ ਦੀ ਦਿਸ਼ਾ ਵਿੱਚ ਵੀ ਠੋਸ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਟਿਸ਼ੂ ਕਲਚਰ ਰਾਹੀਂ ਗੰਨੇ ਦੀ ਉਤਪਾਦਕਤਾ ਅਤੇ ਗੁਣਵੱਤਾ ਵਧਾਉਣ 'ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਤਕਨੀਕ ਦੇ ਵਿਸਥਾਰ ਨਾਲ ਕਿਸਾਨਾਂ ਨੂੰ ਬਿਹਤਰ ਕਿਸਮ, ਵੱਧ ਉਤਪਾਦਨ ਅਤੇ ਬਿਹਤਰ ਆਮਦਨ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੰਨੇ ਨਾਲ ਸਬੰਧਤ ਸਾਰੀਆਂ ਯੋਜਨਾਵਾਂ, ਪ੍ਰੋਤਸਾਹਨ ਪ੍ਰਬੰਧਾਂ, ਆਧੁਨਿਕ ਤਕਨੀਕਾਂ ਅਤੇ ਮਸ਼ੀਨੀਕਰਨ ਨੂੰ ਸਮਨਵਿਤ ਦ੍ਰਿਸ਼ਟੀਕੋਣ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਸੂਬੇ ਵਿੱਚ ਗੰਨਾ ਉਤਪਾਦਨ ਨੂੰ ਨਵੀਂ ਗਤੀ ਮਿਲ ਸਕੇ।
ਕਪਾਹ ਦੀ ਫ਼ਸਲ ਨੂੰ ਹੁਲਾਰਾ ਦੇਣ ਲਈ ਸਬਸਿਡੀ ਉਪਲਬਧ ਕਰਾਉਣ ਦੇ ਨਿਰਦੇਸ਼
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਪਾਹ ਦੀ ਫ਼ਸਲ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਲੋੜੀਂਦੀ ਸਹਾਇਤਾ ਅਤੇ ਸਬਸਿਡੀ ਉਪਲਬਧ ਕਰਾਉਣ ਦੀ ਦਿਸ਼ਾ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕਪਾਹ ਦੀ ਖੇਤੀ ਨੂੰ ਉਤਸ਼ਾਹਿਤ ਕਰਨ, ਉਤਪਾਦਨ ਲਾਗਤ ਘਟਾਉਣ ਅਤੇ ਕਿਸਾਨਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਹੈਂਡਹੈਲਡ ਬੈਟਰੀ ਚਾਲਿਤ ਮਸ਼ੀਨਾਂ ਅਤੇ ਈਂਧਨ ਚਾਲਿਤ ਕਾਟਨ ਪਿਕਿੰਗ ਮਸ਼ੀਨਾਂ 'ਤੇ ਗ੍ਰਾਂਟ ਉਪਲਬਧ ਕਰਾਉਣ ਸਬੰਧੀ ਵਿਵਸਥਾ ਨੂੰ ਅੱਗੇ ਵਧਾਇਆ ਜਾਵੇ, ਤਾਂ ਜੋ ਕਪਾਹ ਉਤਪਾਦਕ ਕਿਸਾਨਾਂ ਨੂੰ ਇਸਦਾ ਸਿੱਧਾ ਲਾਭ ਮਿਲ ਸਕੇ ਅਤੇ ਸੂਬੇ ਵਿੱਚ ਕਪਾਹ ਦੀ ਖੇਤੀ ਨੂੰ ਹੁਲਾਰਾ ਮਿਲੇ।
ਖੇਤੀਬਾੜੀ ਯੋਜਨਾਵਾਂ ਦਾ ਲਾਭ ਸਿੱਧੇ ਕਿਸਾਨਾਂ ਤੱਕ ਪਹੁੰਚੇ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਜਟ ਐਲਾਨਾਂ, ਮੁੱਖ ਮੰਤਰੀ ਐਲਾਨਾਂ ਅਤੇ ਸੰਕਲਪ ਪੱਤਰ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਨਿਰਧਾਰਤ ਸਮਾਂ-ਸੀਮਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਨਾਲ ਜੁੜੀਆਂ ਯੋਜਨਾਵਾਂ ਦਾ ਲਾਭ ਸਿੱਧੇ ਕਿਸਾਨਾਂ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਵਿਭਾਗ ਸਾਰੇ ਪ੍ਰੋਜੈਕਟਾਂ ਦੀ ਨਿਯਮਤ ਮਾਨੀਟਰਿੰਗ ਯਕੀਨੀ ਬਣਾਏ।
