ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027-28 ਦਾ ਆਯੋਜਨ 28 ਨਵੰਬਰ 2026 (ਸ਼ਨੀਵਾਰ) ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਣਾਏ ਗਏ 15 ਪ੍ਰੀਖਿਆ ਕੇਂਦਰਾਂ ਵਿੱਚ ਕੀਤਾ ਜਾਵੇਗਾ। ਪ੍ਰੀਖਿਆ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 28 ਨਵੰਬਰ 2026 ਲਈ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਅਕਸਰ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਪ੍ਰੀਖਿਆ ਦੀ ਨਿਰਪੱਖਤਾ ਤੇ ਮਰਿਆਦਾ ਪ੍ਰਭਾਵਿਤ ਹੋ ਸਕਦੀ ਹੈ। ਇਨ੍ਹਾਂ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ, ਸਬੰਧਤ ਪ੍ਰੀਖਿਆ ਕੇਂਦਰਾਂ ਵਾਲੇ ਸਿੱਖਿਆ ਸੰਸਥਾਨਾਂ ਵਿੱਚ 28 ਨਵੰਬਰ ਨੂੰ ਇੱਕ ਦਿਨ ਦੀ ਛੁੱਟੀ ਵੀ ਐਲਾਨੀ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਦੇ ਪ੍ਰੀਖਿਆ ਕੇਂਦਰਾਂ ਵਿੱਚ ਸ਼੍ਰੀਮਤੀ ਪਾਰਵਤੀ ਦੇਵੀ ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਅਤੇ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

ਇਸ ਤੋਂ ਇਲਾਵਾ ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਦੋਆਬਾ ਪਬਲਿਕ ਸਕੂਲ ਪਾਰੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨ, ਦਸ਼ਮੇਸ਼ ਪਬਲਿਕ ਸਕੂਲ ਚੱਕ ਅੱਲਾਬਖ਼ਸ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਐੱਸ.ਡੀ. ਸਰਵਹਿਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ-3 ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ।