ਪਟਿਆਲਾ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾ ਚੁੱਕੀ ਹੈ ਅਤੇ ਹੁਣ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣਾ ਪੂਰੀ ਤਰ੍ਹਾਂ ਪਰਿਵਾਰ ਦੀ ਇੱਛਾ ’ਤੇ ਨਿਰਭਰ ਕਰਦਾ ਹੈ।

ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ ਅਤੇ ਸੂਬੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕਦੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾਂਦੇ ਹਨ ਅਤੇ ਕਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਵਿੱਚ ਪੰਜਾਬ ਦੀ ਨੁਮਾਇੰਦਗੀ ਤੇ ਹਿੱਸੇਦਾਰੀ ਘਟਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਵਿਕਾਸ ਫੰਡ ਰੋਕ ਕੇ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਰੰਗਲਾ, ਆਰਥਿਕ ਤੌਰ ’ਤੇ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ 100 ਮਿੰਨੀ ਬੱਸਾਂ ਦੀ ਸੌਗਾਤ, ਪੀਆਰਟੀਸੀ ਦੇ 9 ਡਿਪੂਆਂ ਤੋਂ ਸ਼ੁਰੂ ਹੋਣਗੀਆਂ ਸੇਵਾਵਾਂ

ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਪਸੀ ਸਬੰਧਾਂ ’ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਹਾਲ ਹੀ ਵਿੱਚ ਨਸ਼ਿਆਂ ਵਿਰੁੱਧ ਯਾਤਰਾ ਕੱਢ ਕੇ ਹਟੀ ਹੈ। ਅਜਿਹੇ ਵਿੱਚ ਜੇਕਰ ਉਸ ਦੇ ਆਗੂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੰਚ ਸਾਂਝਾ ਕਰਨਗੇ, ਤਾਂ ਲੋਕਾਂ ਨੂੰ ਇਸ ਨਾਲ ਕਿਹੋ ਜਿਹਾ ਸੁਨੇਹਾ ਮਿਲੇਗਾ? ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਨਸ਼ਿਆਂ ਨੂੰ ਰੋਕਣ ਦੇ ਦਾਅਵੇ ਕਰਨਾ ਅਤੇ ਦੂਜੇ ਪਾਸੇ ਅਕਾਲੀ ਦਲ ਨਾਲ ਸਿਆਸੀ ਗੱਠਜੋੜ ਵੱਲ ਵਧਣਾ ਆਪਣੇ ਆਪ ਵਿੱਚ ਵਿਰੋਧਾਭਾਸੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਦੇ ਕਥਿਤ ਦੋਹਰੇ ਕਿਰਦਾਰ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।