ਪਟਿਆਲਾ:- ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਨਾਰਾਜ਼ ਕਿਸਾਨਾਂ ਦੇ ਇੱਕ ਵਫ਼ਦ ਨੇ ਅੱਜ **ਜਮਹੂਰੀ ਕਿਸਾਨ ਸਭਾ** ਦੇ ਪ੍ਰਧਾਨ **ਧੰਨਾ ਸਿੰਘ ਦੌਣ ਕਲਾਂ** ਦੀ ਅਗਵਾਈ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਫੋਕਲ ਪੁਆਇੰਟ ਦਫ਼ਤਰ ਵਿਖੇ ਐੱਸ.ਡੀ.ਓ. ਨਾਲ ਮੁਲਾਕਾਤ ਕਰਕੇ ਬਿਜਲੀ ਸਪਲਾਈ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਕਿਸਾਨਾਂ ਨੇ ਅਧਿਕਾਰੀ ਨੂੰ ਦੱਸਿਆ ਕਿ ਸਰਕਾਰ ਵੱਲੋਂ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਵਿੱਚ ਉਨ੍ਹਾਂ ਨੂੰ ਪੂਰਾ ਸਮਾਂ ਬਿਜਲੀ ਨਹੀਂ ਮਿਲ ਰਹੀ। ਇਸ ਕਾਰਨ ਝੋਨੇ ਦੀ ਲਵਾਈ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਐੱਸ.ਡੀ.ਓ. ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਬਿਜਲੀ ਸਪਲਾਈ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਲਗਾਤਾਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਪਿਛਲੇ ਦਿਨਾਂ ਦੌਰਾਨ ਘੱਟ ਮਿਲੀ ਸਪਲਾਈ ਦੀ ਭਰਪਾਈ ਕਰਨ ਦਾ ਵੀ ਯਤਨ ਕੀਤਾ ਜਾਵੇਗਾ।
ਇਸ ਮੌਕੇ ਤਰਨਜੀਤ ਸਿੰਘ ਸਰਪੰਚ (ਰਸੂਲਪੁਰ), ਰਜਿੰਦਰ ਸਿੰਘ ਸਾਬਕਾ ਸਰਪੰਚ (ਦੌਣ ਕਲਾਂ), ਦਰਸ਼ਨ ਸਿੰਘ ਬੇਲੂ ਮਾਜਰਾ, ਰਜਿੰਦਰ ਸਿੰਘ ਧਾਲੀਵਾਲ, ਅਮੀਰ ਸਿੰਘ ਰਸੂਲਪੁਰ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
ਅੰਤ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਨਾ ਹੋਈ ਤਾਂ ਖੇਤੀਬਾੜੀ ਲਈ ਹੋਰ ਵੀ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਕਿਸਾਨਾਂ ਨੂੰ ਆਪਣੀ ਜਥੇਬੰਦਕ ਤਾਕਤ ਹੋਰ ਮਜ਼ਬੂਤ ਕਰਨੀ ਪਵੇਗੀ ਅਤੇ ਲੋੜ ਪੈਣ 'ਤੇ ਉੱਚ ਅਧਿਕਾਰੀਆਂ ਅਤੇ ਸਰਕਾਰ ਖ਼ਿਲਾਫ਼ ਸੰਘਰਸ਼ ਲਈ ਵੀ ਤਿਆਰ ਰਹਿਣਾ ਹੋਵੇਗਾ, ਤਾਂ ਜੋ ਕਿਸਾਨਾਂ ਅਤੇ ਹੋਰ ਖਪਤਕਾਰਾਂ ਨੂੰ ਨਿਰਵਿਘਨ ਅਤੇ ਪੂਰੀ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਅੱਠ ਘੰਟੇ ਬਿਜਲੀ ਦੇਣ ਦੇ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ ਕਿਸਾਨਾਂ ਨੇ ਐੱਸਡੀਓ ਨੂੰ ਸੌਂਪਿਆ ਮੰਗ ਪੱਤਰ
