ਗੜ੍ਹਸ਼ੰਕਰ 11 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੰਟਰੈਕਟ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜ਼ਾ ਹੜਤਾਲ 'ਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਕਿਸੇ ਵੀ ਸੂਬੇ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਅਤੇ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਕਰਨਾ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਮੁਲਾਜ਼ਮਾਂ ਨੂੰ ਵਾਰ-ਵਾਰ ਆਪਣੇ ਹੱਕਾਂ ਲਈ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ‘ਆਪ” ਸਰਕਾਰ ਹਰ ਵਾਰ ਕਰਮਚਾਰੀਆ ਨਾਲ ਮੀਟਿੰਗਾਂ ਵਿੱਚ ਮੰਗਾਂ ਮੰਨਣ ਦੇ ਵਾਅਦੇ ਤਾਂ ਕਰ ਲੈਂਦੀ ਹੈ ਪਰ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ।

ਸਰਕਾਰ ਨੂੰ ਆਪਣੀ ਹਉਮੈ ਛੱਡ ਕੇ ਕਰਮਚਾਰੀ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਮੰਗਾਂ ਦਾ ਸਮਾਂਬੱਧ ਹੱਲ ਕੱਢਣਾ ਚਾਹੀਦਾ ਹੈ।

ਖੰਨਾ ਨੇ ਕਿਹਾ ਕਿ ਰੋਡਵੇਜ਼ ਅਤੇ ਪਨਬੱਸ ਦੀ ਹੜਤਾਲ ਦਾ ਸਭ ਤੋਂ ਵੱਧ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਵਿਦਿਆਰਥੀਆਂ, ਮੁਲਾਜ਼ਮਾਂ, ਮਰੀਜ਼ਾਂ, ਬਜ਼ੁਰਗਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਦੀ ਅਣਗਹਿਲੀ ਕਾਰਨ ਜਨਤਕ ਆਵਾਜਾਈ ਪ੍ਰਭਾਵਿਤ ਹੋਣਾ ਬੇਹੱਦ ਮੰਦਭਾਗਾ ਹੈ। ਲੋਕਾਂ ਨੂੰ ਹੜਤਾਲਾਂ ਅਤੇ ਮੁਲਾਜ਼ਮਾਂ ਨੂੰ ਸੰਘਰਸ਼ਾਂ ਤੋਂ ਬਚਾਉਣਾ ਹੀ ਸਰਕਾਰ ਦੀ ਇੱਕ ਵੱਡੀ ਜ਼ਿੰਮੇਵਾਰੀ ਹੈ।