ਫਿਰੋਜ਼ਪੁਰ, 26 ਅਗਸਤ 2026:- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਮਹਾ-ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਦੌਰਾਨ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਹ ਜਾਣਕਾਰੀ ਪੀ.ਐਸ.ਐਮ.ਐਸ. ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਮਿਤੀ 27 ਅਗਸਤ 2026 ਨੂੰ ਮਹਾ-ਬੰਦ ਕੀਤਾ ਜਾ ਰਿਹਾ ਹੈ। ਇਸ ਬੰਦ ਦੌਰਾਨ ਸਰਕਾਰੀ ਦਫ਼ਤਰਾਂ ਦੇ ਗੇਟ ਬੰਦ ਕਰਕੇ ਸਰਕਾਰੀ ਕੰਮ ਹੀ ਬੰਦ ਕੀਤਾ ਜਾਵੇਗਾ ਅਤੇ ਸਰਕਾਰ ਦਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਇਸ ਮਹਾ-ਬੰਦ ਦੌਰਾਨ ਕੋਈ ਵੀ ਸੜਕ ਨਹੀਂ ਰੋਕੀ ਜਾਵੇਗੀ ਅਤੇ ਨਾ ਹੀ ਕੋਈ ਦੁਕਾਨ ਬੰਦ ਕਰਵਾਈ ਜਾਵੇਗੀ। ਸਾਡੀ ਲੜਾਈ ਸਰਕਾਰ ਨਾਲ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਹੈ, ਨਾ ਕਿ ਵਪਾਰੀ ਭਰਾਵਾਂ ਜਾਂ ਆਮ ਜਨਤਾ ਨਾਲ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ 17 ਅਗਸਤ ਤੋਂ ਲਗਾਤਾਰ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ, ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਮੰਨਣ ਅਤੇ ਸਮੱਸਿਆਵਾਂ ਦਾ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ। ਪਰ ਕਈ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ।
ਆਗੂਆਂ ਨੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੇਂਦਰੀ ਪੈਟਰਨ ’ਤੇ ਤਨਖਾਹ ਸਕੇਲ ਦੇਣ ਅਤੇ ਨੌਜਵਾਨ ਮੁਲਾਜ਼ਮਾਂ ਨਾਲ ਸਬੰਧਤ ਤਿੰਨ ਸਾਲਾਂ ਦੀ ਪ੍ਰੋਬੇਸ਼ਨ ਮਿਆਦ ਸਬੰਧੀ ਜਾਰੀ ਕੀਤੇ ਗਏ ਪੱਤਰਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਡਬਲ ਬੈਂਚ ਵੱਲੋਂ ਦਿੱਤੇ ਗਏ ਫੈਸਲੇ ਨੂੰ ਵੀ ਸਰਕਾਰ ਨੂੰ ਲਾਗੂ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਜਾਇਜ਼ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਮੂਹ ਆਗੂਆਂ ਨੇ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ, ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਐਸ.ਡੀ.ਐਮ. ਦਫ਼ਤਰਾਂ, ਤਹਿਸੀਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ, ਤਾਂ ਜੋ ਇਸ ਮਹਾ-ਬੰਦ ਹੜਤਾਲ ਨੂੰ ਕਾਮਯਾਬ ਕੀਤਾ ਜਾ ਸਕੇ।
ਇਸ ਮੌਕੇ ਸੀ.ਪੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਜਸਸੀਰ ਸਿੰਘ ਭਾਂਗਰ, ਪ੍ਰਦੀਪ ਵਿਨਾਇਕ ਵਿੱਤ ਸਕੱਤਰ ਸਮੇਤ ਵੱਖ-ਵੱਖ ਵਿਭਾਗਾਂ ਦੇ ਆਗੂ ਹਾਜ਼ਰ ਸਨ।