ਚੰਡੀਗੜ੍ਹ, 20 ਅਕਤੂਬਰ, 2026 (ਹਰਮਿੰਦਰ ਨਾਗਪਾਲ):- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸੈਕਟਰ-17, 46 ਅਤੇ 48 ਵਿੱਚ ਵਿਜਯਾਦਸ਼ਮੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਰਾਵਣ ਦਹਨ ਕੀਤਾ। ਇਸ ਮੌਕੇ ਉਨ੍ਹਾਂ ਨੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੇ ਸੰਦੇਸ਼ ਨੂੰ ਯਾਦ ਕਰਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਦੁਸਹਿਰਾ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਣੇ ਅੰਦਰਲੀਆਂ ਬੁਰਾਈਆਂ, ਜਿਵੇਂ ਗੁੱਸਾ, ਲਾਲਚ, ਨਫ਼ਰਤ, ਭ੍ਰਿਸ਼ਟਾਚਾਰ ਅਤੇ ਹੰਕਾਰ ਨੂੰ ਦੂਰ ਕਰਨ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ, ਜਿਵੇਂ ਸੱਚਾਈ, ਫ਼ਰਜ਼, ਦਇਆ ਅਤੇ ਨਿਆਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਰਿਵਾਰਾਂ, ਅਧਿਆਪਕਾਂ, ਨੌਜਵਾਨਾਂ ਅਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ, ਸਲਾਹ-ਮਸ਼ਵਰੇ ਅਤੇ ਮੁੜ ਵਸੇਬੇ ਰਾਹੀਂ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।
ਰਾਜਪਾਲ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਵਿੱਚ ਆਪਸੀ ਸਦਭਾਵਨਾ ਦੇ ਮਹੱਤਵ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਔਰਤਾਂ ਦਾ ਸਤਿਕਾਰ ਕਰਨ, ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ, ਕੁਦਰਤ ਦੀ ਰੱਖਿਆ ਕਰਨ ਅਤੇ ਸਮਾਜ ਵਿੱਚ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ।
