ਚੰਡੀਗੜ੍ਹ, 18 ਨਵੰਬਰ 2026 (ਹਰਮਿੰਦਰ ਨਾਗਪਾਲ):- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿੱਚ ਸਾਫਟਬਾਲ (ਅੰਡਰ-19 ਲੜਕੇ ਅਤੇ ਲੜਕੀਆਂ ਵਰਗ) ਦੀਆਂ 70ਵੀਆਂ ਕੌਮੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ। ਦੇਸ਼ ਭਰ ਤੋਂ ਆਏ ਨੌਜਵਾਨ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਵਿੱਚ ਵੀ ਮਦਦ ਮਿਲਦੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ 18 ਤੋਂ 22 ਨਵੰਬਰ ਤੱਕ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 34 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੁਕਾਬਲੇ ਵਿੱਚ ਲਗਭਗ 650 ਖਿਡਾਰੀ, ਕੋਚ, ਟੀਮ ਮੈਨੇਜਰ ਅਤੇ ਅਧਿਕਾਰੀ ਸ਼ਾਮਲ ਹਨ।

ਸੱਤ ਸਾਲਾਂ ਦੇ ਵਕਫ਼ੇ ਤੋਂ ਬਾਅਦ ਚੰਡੀਗੜ੍ਹ ਨੂੰ ਕੌਮੀ ਸਕੂਲ ਖੇਡਾਂ ਦੀ ਮੇਜ਼ਬਾਨੀ ਮਿਲਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਤਗਮੇ ਜਿੱਤਣ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਰਾਹੀਂ ਮਿਲ ਕੇ ਕੰਮ ਕਰਨਾ, ਦੂਜਿਆਂ ਦਾ ਸਤਿਕਾਰ ਕਰਨਾ ਅਤੇ ਚੁਣੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰਨਾ ਵੀ ਸਿੱਖਿਆ ਜਾਂਦਾ ਹੈ। ਉਨ੍ਹਾਂ ਇਨ੍ਹਾਂ ਖੇਡਾਂ ਨੂੰ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੀ ਭਾਵਨਾ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਅਜਿਹੇ ਸਮਾਗਮ ਵੱਖ-ਵੱਖ ਰਾਜਾਂ, ਸੱਭਿਆਚਾਰਾਂ ਅਤੇ ਰਵਾਇਤਾਂ ਨਾਲ ਜੁੜੇ ਨੌਜਵਾਨਾਂ ਨੂੰ ਇੱਕ ਮੰਚ ’ਤੇ ਲਿਆਉਂਦੇ ਹਨ ਅਤੇ ਆਪਸੀ ਏਕਤਾ ਤੇ ਦੋਸਤੀ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਨਿਯਮਤ ਅਭਿਆਸ ਕਰਨ, ਸਖ਼ਤ ਮਿਹਨਤ ਕਰਨ ਅਤੇ ਖੇਡ ਭਾਵਨਾ ਕਾਇਮ ਰੱਖਣ ਦਾ ਸੁਨੇਹਾ ਦਿੱਤਾ।

ਕੇਂਦਰ ਸਰਕਾਰ ਦੀਆਂ ਖੇਲੋ ਇੰਡੀਆ, ਕੀਰਤੀ (KIRTI), ਟੌਪਸ (TOPS) ਅਤੇ ਫਿਟ ਇੰਡੀਆ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਅਤੇ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਦੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਵਜ਼ੀਫ਼ਿਆਂ ਅਤੇ ਨਕਦ ਇਨਾਮਾਂ ਰਾਹੀਂ ਹੁਣ ਤੱਕ ਲਗਭਗ 36 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਭਿਨਵ ਬਿੰਦਰਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਓਲੰਪਿਕ ਵੈਲਿਊਜ਼ ਐਜੂਕੇਸ਼ਨ ਪ੍ਰੋਗਰਾਮ ਤਹਿਤ ਚਲਾਏ ਜਾ ਰਹੇ ਸਕੂਲ ਵਾਲੀਬਾਲ ਪ੍ਰੋਗਰਾਮ ਤੋਂ ਚੰਡੀਗੜ੍ਹ ਦੇ 108 ਸਰਕਾਰੀ ਸਕੂਲਾਂ ਦੇ 41 ਹਜ਼ਾਰ ਤੋਂ ਵੱਧ ਵਿਦਿਆਰਥੀ ਲਾਭ ਪ੍ਰਾਪਤ ਕਰ ਰਹੇ ਹਨ। ਚੰਡੀਗੜ੍ਹ ਇੰਟਰਨੈਸ਼ਨਲ ਮੈਰਾਥਨ ਅਤੇ ਸਾਲ 2027 ਵਿੱਚ ਹੋਣ ਵਾਲੀ ਏਸ਼ੀਅਨ ਰਿਲੇ ਚੈਂਪੀਅਨਸ਼ਿਪ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਖੇਡਾਂ ਦੇ ਖੇਤਰ ਵਿੱਚ ਆਪਣੀ ਪਛਾਣ ਹੋਰ ਮਜ਼ਬੂਤ ਕਰ ਰਿਹਾ ਹੈ।

ਰਾਜਪਾਲ ਨੇ ਮੁਕਾਬਲੇ ਦੇ ਆਯੋਜਨ ਅਤੇ ਖਿਡਾਰੀਆਂ ਤੇ ਅਧਿਕਾਰੀਆਂ ਲਈ ਕੀਤੇ ਗਏ ਪ੍ਰਬੰਧਾਂ ਵਾਸਤੇ ਸਕੂਲ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੇ ਠਹਿਰਨ ਲਈ ਚਾਰ ਥਾਵਾਂ ’ਤੇ ਕੀਤੇ ਗਏ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਦਾ ਦੌਰਾ ਕਰਵਾਉਣ ਦੀ ਪਹਿਲ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ (PGI) ਵਿੱਚ ਚੰਡੀਗੜ੍ਹ ਦੇ ਪਹਿਲੇ ਸਥਾਨ ਦਾ ਵੀ ਜ਼ਿਕਰ ਕੀਤਾ।

ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਵੱਖ-ਵੱਖ ਟੀਮਾਂ ਦੇ ਮਾਰਚ ਪਾਸਟ ਨਾਲ ਹੋਈ। ਇਸ ਤੋਂ ਬਾਅਦ ਗਵਰਨਮੈਂਟ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-21 ਦੇ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਰਵਾਇਤਾਂ ਨੂੰ ਦਰਸਾਉਂਦੀ ਸੱਭਿਆਚਾਰਕ ਪੇਸ਼ਕਾਰੀ ਦਿੱਤੀ। ਸਮਾਰੋਹ ਦਾ ਇੱਕ ਖ਼ਾਸ ਆਕਰਸ਼ਣ ਗਵਰਨਮੈਂਟ ਹਾਈ ਸਕੂਲ, ਡੱਡੂਮਾਜਰਾ ਦੇ ਇੱਕ ਵਿਦਿਆਰਥੀ ਵੱਲੋਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ 3D ਮਾਡਲ ਭੇਟ ਕਰਨਾ ਰਿਹਾ। ਇਹ ਮਾਡਲ ਵਿਦਿਆਰਥੀ ਨੇ ਆਪਣੇ ਸਕੂਲ ਦੀ ਅਟਲ ਟਿੰਕਰਿੰਗ ਲੈਬ ਵਿੱਚ ਤਿਆਰ ਕੀਤਾ ਸੀ। ਵਿਦਿਆਰਥੀ ਦੇ ਯਤਨ ਦੀ ਸ਼ਲਾਘਾ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਨਵੇਂ ਵਿਚਾਰਾਂ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ।

ਇਸ ਮੁਕਾਬਲੇ ਦੇ ਮੈਚ ਚਾਰ ਥਾਵਾਂ—GMSSS-35, GMSSS-37B, GMSSS-15 ਅਤੇ GMSSS-23 ਵਿੱਚ ਕਰਵਾਏ ਜਾ ਰਹੇ ਹਨ। ਇਸ ਮੁਕਾਬਲੇ ਦਾ ਉਦੇਸ਼ ਖੇਡ ਭਾਵਨਾ, ਅਨੁਸ਼ਾਸਨ, ਟੀਮ ਭਾਵਨਾ, ਆਪਸੀ ਸਤਿਕਾਰ ਅਤੇ ਸਿਹਤਮੰਦ ਮੁਕਾਬਲੇ ਨੂੰ ਉਤਸ਼ਾਹਿਤ ਕਰਨਾ ਅਤੇ ਖੇਡਾਂ ਰਾਹੀਂ ਦੇਸ਼ ਭਰ ਦੇ ਨੌਜਵਾਨ ਖਿਡਾਰੀਆਂ ਵਿਚਕਾਰ ਦੋਸਤੀ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਹੈ।

ਇਸ ਮੌਕੇ ਰਾਜਪਾਲ ਦੇ ਨਾਲ ਸਿੱਖਿਆ ਸਕੱਤਰ ਸ੍ਰੀਮਤੀ ਪ੍ਰੇਰਣਾ ਪੁਰੀ, ਸਕੂਲ ਸਿੱਖਿਆ ਨਿਰਦੇਸ਼ਕ ਸ੍ਰੀ ਨਿਤੀਸ਼ ਸਿੰਗਲਾ, ਖੇਡ ਨਿਰਦੇਸ਼ਕ ਸ੍ਰੀ ਸੌਰਭ ਕੁਮਾਰ ਅਰੋੜਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।