ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪਿੰਡ ਠੱਕਰਵਾਲ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਜਗਤ ਗੁਰੂ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 558ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ 24 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਰਘਬੀਰ ਸਿੰਘ ਠੱਕਰਵਾਲ, ਮਾਸਟਰ ਸਰਬਜੀਤ ਸਿੰਘ ਮੰਝ ਅਤੇ ਕੈਪਟਨ ਗਿਆਨ ਸਿੰਘ ਠੱਕਰਵਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੌਰਾਨ ਭਾਈ ਸਰਬਜੀਤ ਸਿੰਘ ਪਾਰਸ, ਹੈੱਡ ਗ੍ਰੰਥੀ ਠੱਕਰਵਾਲ ਅਤੇ ਭਾਈ ਜਸਪ੍ਰੀਤ ਸਿੰਘ ਨਾਗਰਾ ਇੰਟਰਨੈਸ਼ਨਲ ਢਾਡੀ ਜਥਾ ਗੁਰਬਾਣੀ, ਗੁਰ-ਇਤਿਹਾਸ, ਕਥਾ, ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਦੀਵਾਨ ਹਾਲ ਵਿੱਚ ਭਾਈ ਸਰਬਜੀਤ ਸਿੰਘ ਪਾਰਸ, ਹੈੱਡ ਗ੍ਰੰਥੀ ਠੱਕਰਵਾਲ ਤੋਂ ਇਲਾਵਾ ਹੋਰ ਪੰਥ-ਪ੍ਰਸਿੱਧ ਰਾਗੀ ਜਥੇ ਗੁਰਬਾਣੀ, ਗੁਰ-ਇਤਿਹਾਸ, ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਸਮਾਗਮ ਦੌਰਾਨ ਚਾਹ-ਪਕੌੜਿਆਂ ਅਤੇ ਗੁਰੂ ਜੀ ਦੇ ਲੰਗਰ ਦਾ ਅਟੁੱਟ ਪ੍ਰਬੰਧ ਰਹੇਗਾ।
