ਲਾਲੜੂ/ਡੇਰਾਬੱਸੀ, 12 ਸਤੰਬਰ:- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਉਭਰਦੀਆਂ ਖੇਡ ਪ੍ਰਤਿਭਾਵਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਅੱਜ ਡੇਰਾਬੱਸੀ ਅਤੇ ਲਾਲੜੂ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ।
ਵਿਧਾਇਕ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਨੇ ਸਰਕਾਰੀ ਕਾਲਜ ਡੇਰਾਬੱਸੀ ਤੋਂ, ਅਤੇ ਲਾਲੜੂ ਖੇਡ ਸਟੇਡੀਅਮ ਤੋਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।
ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਐਥਲੈਟਿਕਸ, ਖੋ-ਖੋ, ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਕ੍ਰਿਕਟ ਸਮੇਤ ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਉਤਸ਼ਾਹ ਅਤੇ ਦਰਸ਼ਕਾਂ ਦੀ ਹੌਸਲਾ-ਅਫ਼ਜ਼ਾਈ ਖੇਡ ਮੇਲੇ ਦੇ ਮਾਹੌਲ ਨੂੰ ਹੋਰ ਉਤਸ਼ਾਹਪੂਰਨ ਬਣਾਉਂਦੀ ਰਹੀ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਅਤੇ ਅੱਗੇ ਵਧਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰ ਰਹੀਆਂ ਹਨ।
ਸਰਕਾਰੀ ਕਾਲਜ ਡੇਰਾਬੱਸੀ, ਲਾਲੜੂ ਖੇਡ ਸਟੇਡੀਅਮ ਅਤੇ ਸੁਖਮਨੀ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲੇ ਤਿੰਨ ਦਿਨ ਤੱਕ ਜਾਰੀ ਰਹਿਣਗੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੀ ਟੀਮਾਂ ਅਗਲੇ ਪੜਾਅ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆ ਵਿੱਚ ਭਾਗ ਲੈਣਗੀਆ। ਜ਼ਿਲ੍ਹਾ ਪੱਧਰ 'ਤੇ ਜੇਤੂ ਰਹਿਣ ਵਾਲੀ ਟੀਮਾਂ ਨੂੰ ਰਾਜ ਪੱਧਰੀ ਮੁਕਾਬਲਿਆ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਰਾਜ ਪੱਧਰ 'ਤੇ ਜੇਤੂ ਰਹਿਣ ਵਾਲੀਆਂ ਟੀਮਾਂ /ਖਿਡਾਰੀਆਂ ਨੂੰ ਸਰਕਾਰ ਵੱਲੋਂ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਮੁਕਾਬਲਿਆ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਨੂੰ 10,000, ਦੂਜਾ ਸਥਾਨ ਹਾਸਿਲ ਕਰਨ ਵਾਲੇ ਨੂੰ 7000/- ਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਨੂੰ 5000/-ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।