ਐਸ ਏ ਐਸ ਨਗਰ, 23 ਅਕਤੂਬਰ- ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਊਂਡੇਸ਼ਨ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਕੂਲ ਦੇ ਡਾਇਰੈਕਟਰ ਸ੍ਰੀ ਮੋਹਨਬੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਸਮਾਗਮ ਦੌਰਾਨ ਰਾਗ ਕਲਾ ਸਮਰਾਟ ਭਾਈ ਗੁਰਮੀਤ ਸਿੰਘ ਸ਼ੰਤ, ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਪਹੁੰਚ ਕੇ ਸਾਰੀ ਸੰਗਤ ਨੂੰ ਆਸ਼ੀਰਵਾਦ ਦਿੱਤਾ।
ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਸਮੁੱਚੀ ਮੈਨੇਜਮੈਂਟ ਵੱਲੋਂ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਮੋਹਨਬੀਰ ਸਿੰਘ ਸ਼ੇਰਗਿੱਲ ਵੱਲੋਂ ਆਈ ਸੰਗਤ ਅਤੇ ਰਾਗੀ ਜੱਥਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।