ਗੜ੍ਹਸ਼ੰਕਰ:- 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।
ਕਾਲਜ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਉੱਘੇ ਕਥਾਵਾਚਕ ਭਾਈ ਨਛੱਤਰ ਸਿੰਘ ਬ੍ਰਹਮਜੀਤ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰੋ. ਰਮਨਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।
ਕਥਾਵਾਚਕ ਪਿ੍ਰੰਸ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਢਾਡੀ ਮਨਜੋਤ ਸਿੰਘ ਆਜ਼ਾਦ ਅਤੇ ਸਾਥੀ ਵਿਦਿਆਰਥੀਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਜੋਸ਼ੀਲੀਆਂ ਵਾਰਾਂ ਗਾ ਕੇ ਨਿਹਾਲ ਕੀਤਾ। ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸ਼ਹੀਦੀ ਇਤਿਹਾਸ ਦੇ ਪੰਨਿਆਂ ਨੂੰ ਸੰਗਤਾਂ ਨਾਲ ਸਾਂਝਾ ਕਰਦੇ ਹੋਏ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿਚ ਵੱਧ-ਚੜ੍ਹਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੈਰ ਧਰਮ ਨੂੰ ਬਚਾਉਣ ਲਈ ਗੁਰੂ ਸਾਹਿਬਾਨ ਵਲੋਂ ਦਿੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਸਮਾਗਮ ਵਿਚ ਪਹੁੰਚੇ ਜਥਿਆਂ ਅਤੇ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਡਾ. ਹਰਵਿੰਦਰ ਕੌਰ ਅਤੇ ਅੰਮ੍ਰਿਤਪਾਲ ਸਿੰਘ ਨੇ ਸਟੇਜ ਦੀ ਜ਼ਿੰਮੇਵਾਰੀ ਨਿਭਾਈ।
ਸਮਾਗਮ ਵਿਚ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤ੍ਰਿੰਗ ਕਮੇਟੀ, ਸਮਾਜ ਸੇਵੀ ਦਰਸ਼ਨ ਸਿੰਘ ਪਿੰਕਾ, ਜਰਨੈਲ ਸਿੰਘ ਪੱਲੀ ਝਿੱਕੀ, ਪਰਮਜੀਤ ਕੌਰ ਯੂ.ਐੱਸ.ਏ., ਗਿਆਨੀ ਭਗਤ ਸਿੰਘ ਚੱਕ ਹਾਜੀਪੁਰ, ਬਾਬਾ ਸਤਪਾਲ ਸਿੰਘ, ਤਰਲੋਕ ਸਿੰਘ ਅਰੋੜਾ. ਇੰਜ. ਪਰਵਿੰਦਰ ਸਿੰਘ, ਬਖਸ਼ੀਸ਼ ਸਿੰਘ ਫੌਜੀ, ਕੈਪਟਨ ਗੁਰਦੇਵ ਸਿੰਘ ਭਾਮ, ਕੁਲਵਿੰਦਰ ਸਿੰਘ, ਗੁਰਦੇਵ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ। ਸਮਾਪਤੀ ’ਤੇ ਅਤੁੱਟ ਲੰਗਰ ਵਰਤਾਇਆ ਗਿਆ।
ਖ਼ਾਲਸਾ ਕਾਲਜ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
