ਨਵਾਂਸ਼ਹਿਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਪੰਜਾਬ ਦੀ ਸਿਆਸਤ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਲਏ ਗਏ ਇਸ ਫੈਸਲੇ ਨੂੰ ਪੰਜਾਬ ਦੀਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਐਲਾਨ ਨਾਲ ਦੋਵਾਂ ਪਾਰਟੀਆਂ ਵਿਚਕਾਰ ਛੇ ਸਾਲਾਂ ਤੋਂ ਚੱਲ ਰਹੀ ਸਿਆਸੀ ਦੂਰੀ ਵੀ ਖ਼ਤਮ ਹੋ ਗਈ ਹੈ।

ਇਸ ਇਤਿਹਾਸਕ ਸਿਆਸੀ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਹੋਇਆ ਇਹ ਗੱਠਜੋੜ ਆਪਣੇ ਆਪ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ, ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ ਸੀ। ਅੱਜ ਇਸ ਪਵਿੱਤਰ ਦਿਹਾੜੇ ’ਤੇ ਵੱਖ-ਵੱਖ ਭਾਈਚਾਰਿਆਂ ਦੀ ਸਾਂਝ ਅਤੇ ਏਕਤਾ ਦਾ ਸੰਦੇਸ਼ ਦੇਣ ਵਾਲੇ ਇਸ ਗੱਠਜੋੜ ਦਾ ਐਲਾਨ ਹੋਣਾ ਇੱਕ ਮਹੱਤਵਪੂਰਨ ਸੰਕੇਤ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿੱਥੇ ਹਮੇਸ਼ਾ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਪਹਿਲ ਦਿੱਤੀ ਜਾਂਦੀ ਰਹੀ ਹੈ। ਅਕਾਲੀ ਦਲ ਅਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਪੈਦਾ ਕਰੇਗਾ ਅਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ।

ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿੱਚ ਆਵੇਗੀ ਨਵੀਂ ਹਲਚਲ

ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਹਿਲਾਂ ਵੀ ਲੰਮਾ ਸਮਾਂ ਇਕੱਠੇ ਰਹਿ ਕੇ ਪੰਜਾਬ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਹੁਣ ਮੁੜ ਇਕੱਠੇ ਹੋਣ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਵੀਂ ਸਿਆਸੀ ਤਸਵੀਰ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅਕਾਲੀ ਦਲ ਨੂੰ ਗੱਠਜੋੜ ਵਿੱਚ ਵੱਡੇ ਭਰਾ ਦੀ ਭੂਮਿਕਾ ਦੇਣ ਅਤੇ ਮੁੱਖ ਮੰਤਰੀ ਦਾ ਅਹੁਦਾ ਵੀ ਵੱਡੇ ਭਾਈਵਾਲ ਕੋਲ ਰਹਿਣ ਸਬੰਧੀ ਦਿੱਤੇ ਸੰਕੇਤ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਹੋਰ ਗੰਭੀਰ ਸਮੱਸਿਆਵਾਂ ਤੋਂ ਮੁਕਤ ਕਰਵਾਉਣ ਲਈ ਮਜ਼ਬੂਤ ਇੱਛਾ ਸ਼ਕਤੀ ਅਤੇ ਸਾਂਝੇ ਯਤਨਾਂ ਦੀ ਲੋੜ ਹੈ। ਦੋਵਾਂ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸੂਬੇ ਦੀ ਤਰੱਕੀ, ਅਮਨ-ਸ਼ਾਂਤੀ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦਾ ਹੈ।

ਅੰਤ ਵਿੱਚ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਮੁੱਚੀ ਹਾਈਕਮਾਂਡ ਨੂੰ ਇਸ ਫੈਸਲੇ ਲਈ ਵਧਾਈ ਦਿੰਦਿਆਂ ਗੱਠਜੋੜ ਦਾ ਭਰਵਾਂ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਇਹ ਸਾਂਝ ਪੰਜਾਬ ਦੇ ਸੁਨਹਿਰੀ ਭਵਿੱਖ, ਆਪਸੀ ਭਾਈਚਾਰੇ ਅਤੇ ਵਿਕਾਸ ਲਈ ਨਵੀਂ ਦਿਸ਼ਾ ਤੈਅ ਕਰੇਗੀ।