ਅੰਬਾਲਾ, 24 ਨਵੰਬਰ (ਆਰ. ਸਿੰਘ):- ਅੱਜ ਅੰਬਾਲਾ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹਿਰ ਦੇ ਇਤਿਹਾਸਕ ਗੁਰਦੁਆਰਿਆਂ ਗੁਰਦੁਆਰਾ ਬਾਦਸ਼ਾਹੀ ਬਾਗ, ਗੁਰਦੁਆਰਾ ਮੰਜੀ ਸਾਹਿਬ, ਪੰਜੋਖਰਾ ਸਾਹਿਬ, ਸੈਕਟਰ 10 ਅਤੇ ਸ਼ਹਿਰ ਤੇ ਛਾਉਣੀ ਖੇਤਰਾਂ ਦੇ ਸਾਰੇ ਗੁਰਦੁਆਰਿਆਂ ਵਿੱਚ ਦੀਵਾਨ ਸਜਾਏ ਗਏ ਅਤੇ ਲੰਗਰ ਵਰਤਾਏ ਗਏ। ਵੱਖ-ਵੱਖ ਥਾਵਾਂ ਤੋਂ ਆਏ ਰਾਗੀ ਅਤੇ ਢਾਡੀ ਜਥਿਆਂ ਨੇ ਕਥਾ ਅਤੇ ਕੀਰਤਨ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕੀਤਾ। ਅੰਬਾਲਾ ਸ਼ਹਿਰ ਦੇ ਸੈਕਟਰ 8, 9 ਅਤੇ 10 ਦੇ ਗੁਰਦੁਆਰਾ ਸਾਹਿਬਾਨ ਵਿੱਚ ਵੀ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਦੀਵਾਨ ਸਜਾਏ ਗਏ ਅਤੇ ਲੰਗਰ ਵਰਤਾਇਆ ਗਿਆ। ਹਜ਼ਾਰਾਂ ਲੋਕਾਂ ਨੇ ਦੀਵਾਨਾਂ ਵਿੱਚ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਆਪਣੇ ਸੀਸ ਝੁਕਾਏ ਅਤੇ ਗੁਰੂ ਦੀਆਂ ਅਪਾਰ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਅੰਬਾਲਾ ਸ਼ਹਿਰ ਦੇ ਗੁਰਦੁਆਰਾ ਬਾਦਸ਼ਾਹੀ ਬਾਗ ਵਿਖੇ ਸ਼ਾਮ ਨੂੰ ਵੀ ਦੀਵਾਨ ਸਜਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਟੀ.ਪੀ. ਸਿੰਘ, ਡਾ. ਭੁਪਿੰਦਰ ਸਿੰਘ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਗੁਰਤੇਜ ਸਿੰਘ ਅੰਟਾਲ ਨੇ ਦੱਸਿਆ ਕਿ ਗੁਰਦੁਆਰਾ ਮੰਜੀ ਸਾਹਿਬ ਵਿਖੇ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਆਰੰਭ ਹੋਇਆ। ਇਸ ਦੌਰਾਨ ਰਾਗੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਅੰਬਾਲਾ ਦੇ ਐਸ.ਪੀ. ਅਜੀਤ ਸਿੰਘ ਸ਼ੇਖਾਵਤ ਨੇ ਕੀਤਾ। ਕੈਂਪ ਵਿੱਚ ਚਾਲੀ ਯੂਨਿਟ ਖ਼ੂਨ ਇਕੱਠਾ ਕੀਤਾ ਗਿਆ ਅਤੇ ਲਗਭਗ 470 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਮੌਕੇ ਭੁਪਿੰਦਰ ਸਿੰਘ ਚੱਢਾ, ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਪ੍ਰੀਤਪਾਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਮੱਖਣ ਸਿੰਘ ਲਬਾਣਾ ਅਤੇ ਹੋਰ ਮੌਜੂਦ ਸਨ।

ਅੰਬਾਲਾ ਛਾਉਣੀ ਦੇ ਗੁਰਦੁਆਰਿਆਂ ਵਿੱਚ ਵੀ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਵਾਨ ਸਜਾਏ ਗਏ। ਗੋਬਿੰਦ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਵੇਰੇ ਜਲਦੀ ਹੀ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ। ਦੀਵਾਨ ਦੀ ਸ਼ੁਰੂਆਤ ਇਸਤਰੀ ਸਤਿਸੰਗ ਦੇ ਜਥੇ ਵੱਲੋਂ ਕੀਰਤਨ ਕਰਨ ਨਾਲ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਗੁਰੂ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਕੀਰਤਨ ਦਰਬਾਰ ਤੋਂ ਬਾਅਦ ਕਥਾ ਪ੍ਰਵਾਹ ਚੱਲੇਗਾ।

ਹਰਿਆਣਾ ਦੀ ਜੁਝਾਰੂ ਨੇਤਾ ਚਿਤਰਾ ਸਰਵਾਰਾ ਨੇ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਗੋਬਿੰਦ ਨਗਰ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ’ਤੇ ਉਨ੍ਹਾਂ ਨੂੰ ਗੋਬਿੰਦ ਨਗਰ ਗੁਰਦੁਆਰਾ ਸਾਹਿਬ ਵਿਖੇ ਆਪਣਾ ਸੀਸ ਝੁਕਾਉਣ ਅਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਤੇ ਕਿਰਪਾ ਪ੍ਰਾਪਤ ਕਰਨ ਦਾ ਸੁਭਾਗ ਮਿਲਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਿਤਰਾ ਸਰਵਾਰਾ ਨੂੰ ਸਿਰੋਪਾਉ ਭੇਟ ਕਰਕੇ ਗੁਰੂ ਘਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਲਈ ਉਨ੍ਹਾਂ ਸਾਰੇ ਕਮੇਟੀ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ।