ਐਸਏਐਸ ਨਗਰ (ਮੋਹਾਲੀ), 13 ਨਵੰਬਰ, 2025- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ। ਇਸ ਫੈਸਲੇ ਲਈ ਯੂਨੀਅਨ ਦੇ ਨੁਮਾਇੰਦਿਆਂ ਨੇ ਚੇਅਰਮੈਨ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਮੁੱਖ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਮੁਲਾਜਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਯੂਨੀਅਨ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਬਾਰੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੂੰ ਜਾਣੂ ਕਰਵਾਇਆ ਗਿਆ। ਚੇਅਰਮੈਨ ਵੱਲੋਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ਤੇ ਹੀ ਹੱਲ ਕਰ ਦਿੱਤਾ ਗਿਆ।
ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਇਹ ਫੈਸਲੇ ਬੋਰਡ ਦੀ ਕਾਰਗੁਜਾਰੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਹੋਰ ਕਦਮ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਬੋਰਡ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਹਰੇਕ ਯਤਨ ਕੀਤਾ ਜਾਵੇਗਾ। ਉਹ ਹਮੇਸ਼ਾ ਤੋਂ ਹੀ ਮੁਲਾਜਮਾਂ ਦੇ ਹੱਕ ਵਿੱਚ ਖੜੇ ਰਹੇ ਹਨ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਮੁਲਾਜਮਾਂ ਦੇ ਹਿੱਤਾਂ ਨੂੰ ਹਮੇਸ਼ਾ ਉੱਪਰ ਰੱਖਦੇ ਹਨ ਅਤੇ ਭਵਿੱਖ ਵਿੱਚ ਵੀ ਮੁਲਾਜਮਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਭਲਾਈ ਲਈ ਕਾਰਜਸ਼ੀਲ ਰਹਿਣਗੇ।
ਯੂਨੀਅਨ ਮੈਂਬਰਾਂ ਨੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲੇ ਕਰਮਚਾਰੀਆਂ ਦੇ ਮਨੋਬਲ ਨੂੰ ਵਧਾਉਣਗੇ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਚੰਗੀ ਕਾਰਗੁਜਾਰੀ ਕੀਤੀ ਜਾ ਰਹੀ ਹੈ।