ਨਵਾਂਸ਼ਹਿਰ:- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਨੀਵਾਰ ਨੂੰ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਸਰਕਾਰੀ ਆਈ.ਟੀ.ਆਈ. ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਸਮਾਗਮ ਦੌਰਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਪਰਿਵਰਤਨਸ਼ੀਲ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਇੱਕ ਜੀਵੰਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।
ਇਸ ਮੌਕੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਚੌਧਰੀ ਵੀ ਹਾਜ਼ਰ ਸਨ।
ਤਿਰੰਗਾ ਲਹਿਰਾਉਣ ਤੋਂ ਬਾਅਦ ਮੰਤਰੀ ਨੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਐਸ.ਐਸ.ਪੀ. ਤੁਸ਼ਾਰ ਗੁਪਤਾ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਅਤੇ ਊਧਮ ਸਿੰਘ ਵਰਗੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ, "ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਬੇਮਿਸਾਲ ਯੋਗਦਾਨ ਪਾਇਆ ਹੈ ਅਤੇ ਅੱਜ ਵੀ ਦੇਸ਼ ਦੇ ਹਿੱਤਾਂ ਦੀ ਰਾਖੀ 'ਚ ਮੋਹਰੀ ਹਨ।"
ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁਫ਼ਤ ਬਿਜਲੀ, ਪੰਜਾਬ ਸਿੱਖਿਆ ਕ੍ਰਾਂਤੀ ਅਤੇ ਹੋਰ ਪਹਿਲਕਦਮੀਆਂ ਸ਼ਾਮਲ ਹਨ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ, ਜਿਸ ਵਾਸਤੇ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ ਜੋ 10 ਏਕੜ ਤੋਂ ਵੱਧ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ 6 ਲੱਖ 50 ਹਜਾਰ ਬੂਟੇ ਲਗਾਉਣ ਅਤੇ 6 ਲੱਖ 50 ਹਜਾਰ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਤਹਿਤ 50 ਮੋਬਾਈਲ ਵੈਨਾਂ ਵੀ ਸਾਰੇ ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ `ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ।
ਇਸੇ ਤਰ੍ਹਾਂ 25 ਨਵੀਆਂ ਆਈ.ਟੀ.ਆਈ. ਬਣਾਈਆਂ ਜਾ ਰਹੀਆਂ ਹਨ, ਜਦੋਂ ਕਿ 13 ਮੌਜੂਦਾ ਸੰਸਥਾਵਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਨੇ 264 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ, 288 ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਅਤੇ 243 ਹੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਸਿਖਲਾਈ ਲਈ ਭੇਜਿਆ ਹੈ। ਮੁਫ਼ਤ ਬਿਜਲੀ ਦੇ ਲਾਭਾਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰੀਬ 90 ਪ੍ਰਤੀਸ਼ਤ ਘਰੇਲੂ ਖਪਤਕਾਰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਰਹੇ ਹਨ।
ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਪੁਲਿਸ ਮੁਲਾਜ਼ਮਾਂ ਅਤੇ ਪਰੇਡ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਵਿਸ਼ੇਸ਼ ਯੋਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ।
