ਚੰਡੀਗੜ੍ਹ, 15 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵੀਡਨ ਸਰਕਾਰ ਦੇ ਅੰਤਰਰਾਸ਼ਟਰੀ ਵਿਕਾਸ ਸਹਿਯੋਗ ਅਤੇ ਵਿਦੇਸ਼ ਵਪਾਰ ਮੰਤਰੀ ਬੈਂਜਾਮਿਨ ਦੌਸਾ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਦੋਵਾਂ ਧਿਰਾਂ ਨੇ ਭਾਰਤ-ਸਵੀਡਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰਿਆਣਾ ਵਿੱਚ ਸਹਿਯੋਗ ਦੇ ਨਵੇਂ ਆਯਾਮ ਤਲਾਸ਼ਣ ਬਾਰੇ ਚਰਚਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਸਵੀਡਨ ਨਾਲ ਕੀਤੀਆਂ ਗਈਆਂ ਮੁਲਾਕਾਤਾਂ ਨੂੰ ਅੱਗੇ ਵਧਾਉਣਾ ਸਾਡਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਮਈ 2025 ਵਿੱਚ ਭਾਰਤ ਅਤੇ ਸਵੀਡਨ ਨੇ ਆਪਣੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਸੀ। ਆਉਣ ਵਾਲੇ ਪੰਜ ਸਾਲਾਂ ਵਿੱਚ ਦੋਵਾਂ ਦੇਸ਼ਾਂ ਨੇ ਆਪਸੀ ਵਪਾਰ ਅਤੇ ਨਿਵੇਸ਼ ਨੂੰ ਦੁੱਗਣਾ ਕਰਨ ਦਾ ਟੀਚਾ ਰੱਖਿਆ ਹੈ।

ਸੈਣੀ ਨੇ ਦੱਸਿਆ ਕਿ ਇਸ ਸਮੇਂ ਭਾਰਤ ਵਿੱਚ ਕਈ ਸਵੀਡਿਸ਼ ਕੰਪਨੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਸਿੱਖਿਆ, ਹੁਨਰ ਵਿਕਾਸ ਅਤੇ ਊਰਜਾ ਖੇਤਰ ਵਿੱਚ ਦੋਵਾਂ ਧਿਰਾਂ ਵਿਚਕਾਰ ਮਿਲ ਕੇ ਅੱਗੇ ਵਧਣ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਖਾਸ ਤੌਰ ’ਤੇ ਹਰਿਆਣਾ ਵਿੱਚ ਮੌਜੂਦ 18 ਡਰਾਈ ਪੋਰਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸਵੀਡਨ ਨਾਲ ਮਿਲ ਕੇ ਕੰਮ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਸਵੀਡਨ ਦੇ ਮੰਤਰੀ ਬੈਂਜਾਮਿਨ ਦੌਸਾ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਅਤੇ ਹਰਿਆਣਾ ਨਾਲ ਮਿਲ ਕੇ ਭਵਿੱਖ ਦੀਆਂ ਯੋਜਨਾਵਾਂ ’ਤੇ ਸਹਿਮਤੀ ਜਤਾਈ। ਮੁੱਖ ਮੰਤਰੀ ਨੇ ਦੌਸਾ ਨੂੰ ‘ਹੈਪਨਿੰਗ ਹਰਿਆਣਾ’ ਸਮਾਗਮ ਲਈ ਵੀ ਸੱਦਾ ਦਿੱਤਾ। ਇਸ ਮੌਕੇ ਸ਼ਹਿਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਿਪੁਲ ਗੋਇਲ ਵੀ ਮੌਜੂਦ ਰਹੇ।