ਚੰਡੀਗੜ੍ਹ, 26 ਅਕਤੂਬਰ:- ਹਰਿਆਣਾ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ, ਉਦਯੋਗਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼-ਵਿਦੇਸ਼ ਦੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਉਪਲਬਧ ਵਪਾਰਕ ਮੌਕਿਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦਾ ਇੱਕ ਉੱਚ ਪੱਧਰੀ ਵਫ਼ਦ 27 ਅਤੇ 28 ਅਕਤੂਬਰ, 2026 ਨੂੰ ਗੁਜਰਾਤ ਦੇ ਸੂਰਤ ਅਤੇ ਗਾਂਧੀਨਗਰ ਦਾ ਦੌਰਾ ਕਰੇਗਾ। ਇਸ ਦੌਰਾਨ ਨਿਵੇਸ਼ਕਾਂ ਨਾਲ ਸਿੱਧੀ ਗੱਲਬਾਤ, ਉਦਯੋਗ ਜਗਤ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਅਤੇ ਹਰਿਆਣਾ ਇਨਵੈਸਟਮੈਂਟ ਰੋਡਸ਼ੋਅ ਰਾਹੀਂ ਸੂਬੇ ਦੀਆਂ ਉਦਯੋਗਿਕ ਅਤੇ ਆਰਥਿਕ ਸੰਭਾਵਨਾਵਾਂ ਪੇਸ਼ ਕੀਤੀਆਂ ਜਾਣਗੀਆਂ ਅਤੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾਵੇਗਾ। ਇਸ ਦੌਰੇ ਦੌਰਾਨ ਮੁੱਖ ਮੰਤਰੀ ਦੇ ਨਾਲ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹਿਣਗੇ।
ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਕਤੂਬਰ ਨੂੰ ਸੂਰਤ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਿਵੇਸ਼ਕਾਂ ਨਾਲ ਆਹਮੋ-ਸਾਹਮਣੇ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਉਦਯੋਗਿਕ ਵਿਸਥਾਰ ਅਤੇ ਹਰਿਆਣਾ ਵਿੱਚ ਕਾਰੋਬਾਰ ਸਥਾਪਤ ਕਰਨ ਨਾਲ ਜੁੜੇ ਮੌਕਿਆਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਪ੍ਰਵਾਸੀ ਮਿਲਣੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਹਰਿਆਣਾ ਦੇ ਪ੍ਰਵਾਸੀ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਗੱਲਬਾਤ ਹੋਵੇਗੀ। ਪ੍ਰੋਗਰਾਮ ਦੌਰਾਨ ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ, ਵਿਕਾਸ ਯਾਤਰਾ ਅਤੇ ਉਦਯੋਗਿਕ ਸੰਭਾਵਨਾਵਾਂ ਨੂੰ ਨਿਵੇਸ਼ਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।
ਗਾਂਧੀਨਗਰ ਵਿੱਚ ਹਰਿਆਣਾ ਇਨਵੈਸਟਮੈਂਟ ਰੋਡਸ਼ੋਅ
ਡਾ. ਅਮਿਤ ਅਗਰਵਾਲ ਨੇ ਦੱਸਿਆ ਕਿ 28 ਅਕਤੂਬਰ ਨੂੰ ਗਾਂਧੀਨਗਰ ਵਿੱਚ ਹਰਿਆਣਾ ਇਨਵੈਸਟਮੈਂਟ ਰੋਡਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਉਦਯੋਗਪਤੀ, ਨਿਵੇਸ਼ਕ ਅਤੇ ਉਦਯੋਗ ਜਗਤ ਦੇ ਨੁਮਾਇੰਦੇ ਹਿੱਸਾ ਲੈਣਗੇ। ਇਸ ਰੋਡਸ਼ੋਅ ਦਾ ਉਦੇਸ਼ ਉਦਯੋਗ ਜਗਤ ਨੂੰ ਹਰਿਆਣਾ ਵਿੱਚ ਨਿਵੇਸ਼ ਦੀਆਂ ਵਿਆਪਕ ਸੰਭਾਵਨਾਵਾਂ ਤੋਂ ਜਾਣੂ ਕਰਵਾਉਣਾ, ਨਿਵੇਸ਼ਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ ਅਤੇ ਸੂਬੇ ਵਿੱਚ ਨਵੇਂ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰੋਗਰਾਮ ਦੌਰਾਨ ਹਰਿਆਣਾ ਵਿੱਚ ਉਪਲਬਧ ਉਦਯੋਗਿਕ ਢਾਂਚੇ, ਨਿਵੇਸ਼-ਅਨੁਕੂਲ ਨੀਤੀਗਤ ਮਾਹੌਲ, ਮਜ਼ਬੂਤ ਸੰਪਰਕ ਸਹੂਲਤਾਂ, ਕੁਸ਼ਲ ਮਨੁੱਖੀ ਸਰੋਤ ਅਤੇ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਵਪਾਰਕ ਮੌਕਿਆਂ ਨੂੰ ਉਜਾਗਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਦਯੋਗ ਜਗਤ ਦੇ ਨੁਮਾਇੰਦਿਆਂ ਨਾਲ ਨਿਵੇਸ਼ ਪ੍ਰਸਤਾਵਾਂ, ਸੰਭਾਵੀ ਪ੍ਰੋਜੈਕਟਾਂ ਅਤੇ ਵਪਾਰਕ ਭਾਈਵਾਲੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਨਿਵੇਸ਼ ਨਾਲ ਸਬੰਧਤ ਸਮਝੌਤਾ ਪੱਤਰਾਂ ਦੀਆਂ ਸੰਭਾਵਨਾਵਾਂ 'ਤੇ ਵੀ ਚਰਚਾ ਹੋਵੇਗੀ।
‘ਮੇਕ ਇਨ ਹਰਿਆਣਾ ਇੰਡਸਟ੍ਰੀਅਲ ਪਾਲਿਸੀ-2026’ ਨਾਲ ਨਿਵੇਸ਼ ਅਤੇ ਰੋਜ਼ਗਾਰ ਨੂੰ ਮਿਲੇਗਾ ਹੁਲਾਰਾ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਨਿਰਮਾਣ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਤਿਆਰ ਕਰਨ ਦੇ ਉਦੇਸ਼ ਨਾਲ ‘ਮੇਕ ਇਨ ਹਰਿਆਣਾ ਇੰਡਸਟ੍ਰੀਅਲ ਪਾਲਿਸੀ-2026’ ਲਾਗੂ ਕੀਤੀ ਹੈ। ਰਾਜ ਸਰਕਾਰ ਦਾ ਟੀਚਾ ਇਨ੍ਹਾਂ ਨੀਤੀਗਤ ਪਹਿਲਕਦਮੀਆਂ ਰਾਹੀਂ ਸਾਲ 2030-31 ਤੱਕ ਲਗਭਗ 5 ਲੱਖ ਕਰੋੜ ਰੁਪਏ ਦਾ ਨਵਾਂ ਨਿਵੇਸ਼ ਆਕਰਸ਼ਿਤ ਕਰਨਾ ਅਤੇ 10 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਇਸ ਨਾਲ ਹਰਿਆਣਾ ਵਿੱਚ ਉਦਯੋਗਿਕ ਵਿਸਥਾਰ, ਤਕਨੀਕੀ ਨਵੀਨਤਾ ਅਤੇ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹ ਮਿਲੇਗਾ।
ਡਾ. ਅਮਿਤ ਅਗਰਵਾਲ ਨੇ ਕਿਹਾ ਕਿ ਸੂਰਤ ਅਤੇ ਗਾਂਧੀਨਗਰ ਦਾ ਇਹ ਦੌਰਾ ਹਰਿਆਣਾ ਦੀ ਉਦਯੋਗਿਕ ਸਮਰੱਥਾ ਅਤੇ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਵੱਡੇ ਮੰਚ 'ਤੇ ਪੇਸ਼ ਕਰਨ ਦਾ ਸੁਨਹਿਰੀ ਮੌਕਾ ਹੈ। ਹਰਿਆਣਾ ਸਰਕਾਰ ਦੀ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਦੇ ਮੋਹਰੀ ਨਿਵੇਸ਼ ਸਥਾਨਾਂ ਵਿੱਚ ਹੋਰ ਮਜ਼ਬੂਤ ਬਣਾਉਣ, ਘਰੇਲੂ ਅਤੇ ਵਿਸ਼ਵ ਪੱਧਰੀ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਅਤੇ ਉਦਯੋਗਾਂ ਦੇ ਵਿਸਥਾਰ ਲਈ ਅਨੁਕੂਲ ਮੌਕੇ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਪਹਿਲਕਦਮੀ ਨਾਲ ਸੂਬੇ ਵਿੱਚ ਨਵੀਆਂ ਉਦਯੋਗਿਕ ਇਕਾਈਆਂ ਦੀ ਸਥਾਪਨਾ, ਮੌਜੂਦਾ ਉਦਯੋਗਾਂ ਦੇ ਵਿਸਥਾਰ, ਰੋਜ਼ਗਾਰ ਦੇ ਨਵੇਂ ਮੌਕਿਆਂ ਦੀ ਸਿਰਜਣਾ ਅਤੇ ਆਰਥਿਕ ਗਤੀਵਿਧੀਆਂ ਨੂੰ ਤੇਜ਼ੀ ਮਿਲਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੋਣਗੀਆਂ।
