ਚੰਡੀਗੜ੍ਹ, 23 ਜੁਲਾਈ:- ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸੜਕੀ ਢਾਂਚੇ ਦੇ ਸੰਬੰਧ ਵਿੱਚ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ।
ਇਸ ਦੌਰਾਨ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਹਰਿਆਣਾ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਅਤੇ ਰਾਜਮਾਰਗਾਂ ਦੀ ਕਨੈਕਟੀਵਿਟੀ ਨੂੰ ਹੋਰ ਬਿਹਤਰ ਬਣਾਉਣ ਦੇ ਸੰਬੰਧ ਵਿੱਚ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਦੀ ਦੂਰਦਰਸ਼ੀ ਅਗਵਾਈ ਹੇਠ ਦੇਸ਼ ਭਰ ਵਿੱਚ ਸੜਕਾਂ ਅਤੇ ਇਨਫਰਾਸਟਰਕਚਰ ਦਾ ਬੇਮਿਸਾਲ ਵਿਕਾਸ ਹੋਇਆ ਹੈ। ਹਰਿਆਣਾ ਵਿੱਚ ਵੀ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇ ਦੇ ਵਿਸਤਾਰ ਜਾਲ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਦੀ ਆਵਾਜਾਈ ਬੇਹੱਦ ਸੁਖਾਲੀ ਅਤੇ ਸੁਰੱਖਿਅਤ ਹੋਈ ਹੈ।
 ਸ੍ਰੀ ਢਾਂਡਾ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬੇ ਦੇ ਦੁਰਾਡੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਿਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਵਿਦਿਆਰਥੀਆਂ ਦੀ ਨਿਰਵਿਘਨ ਅਤੇ ਸੁਰੱਖਿਅਤ ਪਹੁੰਚ ਲਈ ਬਿਹਤਰ ਸੜਕੀ ਨੈਟਵਰਕ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਵਿਦਿਅਕ ਸੰਸਥਾਵਾਂ ਨੇੜੇ ਆਵਾਜਾਈ ਸੁਰੱਖਿਆ ਪ੍ਰਬੰਧਾਂ ਅਤੇ ਸੰਪਰਕ ਮਾਰਗਾਂ ਨੂੰ ਮਜ਼ਬੂਤ ਕਰਨ 'ਤੇ ਹਾਂਪੱਖੀ ਵਿਚਾਰ-ਵਟਾਂਦਰਾ ਹੋਇਆ।
ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸ੍ਰੀ ਨਿਤਿਨ ਗਡਕਰੀ ਦਾ ਤਜਰਬਾ ਅਤੇ ਦੂਰਗਾਮੀ ਨਜ਼ਰੀਆ ਸਾਡੇ ਸਾਰਿਆਂ ਲਈ ਪ੍ਰੇਰਣਾਦਾਇਕ ਹੈ। ਅੱਜ ਦੀ ਇਸ ਸਿਸ਼ਟਾਚਾਰ ਮੁਲਾਕਾਤ ਵਿੱਚ ਹਰਿਆਣਾ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਦੇ ਵਿਸਤਾਰ 'ਤੇ ਬਹੁਤ ਸਾਰਥਕ ਚਰਚਾ ਹੋਈ ਹੈ।
ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਹਰਿਆਣਾ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।