ਚੰਡੀਗੜ੍ਹ, 9 ਅਕਤੂਬਰ:- ਹਰਿਆਣਾ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਸਨਮਾਨਿਤ ਕਰਨ ਦੇ ਮਕਸਦ ਨਾਲ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਲ 2026-27 ਦੇ ਰਾਜ ਪੱਧਰੀ ਪੁਰਸਕਾਰਾਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਨ ਅਤੇ ਯੋਗ ਬਿਨੈਕਾਰ 5 ਨਵੰਬਰ, 2026 ਤੱਕ ਵੈੱਬਸਾਈਟ [onlinemis.wcdhry.gov.in/gaurav](http://onlinemis.wcdhry.gov.in/gaurav) ਰਾਹੀਂ ਅਰਜ਼ੀ ਦੇ ਸਕਦੇ ਹਨ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਸ਼੍ਰੇਣੀਆਂ ਵਿੱਚ ਦਿੱਤੇ ਜਾਣ ਵਾਲੇ ਪ੍ਰਮੁੱਖ ਪੁਰਸਕਾਰਾਂ ਵਿੱਚ 5 ਲੱਖ ਰੁਪਏ ਦੀ ਰਾਸ਼ੀ, ਪ੍ਰਸ਼ੰਸਾ ਪੱਤਰ ਅਤੇ ਸ਼ਾਲ ਵਾਲਾ ‘ਸ਼੍ਰੀਮਤੀ ਸੁਸ਼ਮਾ ਸਵਰਾਜ ਪੁਰਸਕਾਰ’; 1.50 ਲੱਖ ਰੁਪਏ ਦੀ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਵਾਲਾ ‘ਇੰਦਰਾ ਗਾਂਧੀ ਮਹਿਲਾ ਸ਼ਕਤੀ ਪੁਰਸਕਾਰ’; 1 ਲੱਖ ਰੁਪਏ ਦੀ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਵਾਲਾ ‘ਕਲਪਨਾ ਚਾਵਲਾ ਸ਼ੌਰਿਆ ਪੁਰਸਕਾਰ’; ਅਤੇ 1 ਲੱਖ ਰੁਪਏ ਦੀ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਵਾਲਾ ‘ਬਹਿਣ ਸ਼ੰਨੋ ਦੇਵੀ ਪੰਚਾਇਤੀ ਰਾਜ ਪੁਰਸਕਾਰ’ ਸ਼ਾਮਲ ਹਨ।

ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀ, ਸਮਾਜਿਕ ਕਾਰਕੁਨ ਅਤੇ ਮਹਿਲਾ ਉੱਦਮੀ ਸ਼੍ਰੇਣੀਆਂ ਵਿੱਚ ਜੇਤੂਆਂ ਨੂੰ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਪ੍ਰਸ਼ੰਸਾ ਪੱਤਰ ਅਤੇ ਸ਼ਾਲ ਦਿੱਤੇ ਜਾਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਪ੍ਰਾਪਤ ਹੋਈਆਂ ਸਾਰੀਆਂ ਅਰਜ਼ੀਆਂ ਦੀ ਜਾਂਚ ਜ਼ਿਲ੍ਹਾ ਪੱਧਰੀ ਸਿਫ਼ਾਰਸ਼ ਕਮੇਟੀ ਵੱਲੋਂ ਕੀਤੀ ਜਾਵੇਗੀ। ਕਮੇਟੀ ਵੱਲੋਂ ਸਿਫ਼ਾਰਸ਼ ਕੀਤੇ ਯੋਗ ਮਾਮਲਿਆਂ ਦੀ ਲੋੜੀਂਦੀ ਤਸਦੀਕ ਅਤੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁੱਖ ਦਫ਼ਤਰ ਭੇਜਿਆ ਜਾਵੇਗਾ।

ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਯੋਗ ਔਰਤਾਂ ਅਤੇ ਸਬੰਧਤ ਸ਼੍ਰੇਣੀਆਂ ਦੇ ਯੋਗ ਵਿਅਕਤੀਆਂ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਯੋਜਨਾ ਬਾਰੇ ਹੋਰ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।