ਹੁਸ਼ਿਆਰਪੁਰ:- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਡੇਂਗੂ ਰੋਕਥਾਮ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਅੱਜ ਵਿਆਪਕ ਪੱਧਰ ‘ਤੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਵੱਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਦੇ ਨਾਲ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।
ਇਸੇ ਤਰ੍ਹਾਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਜੇ ਬਸਰਾ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਵਲੋਂ ਵੀ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਡੇਂਗੂ ਜਾਗਰੂਕਤਾ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਮੱਛਰਾਂ ਦੇ ਪੈਦਾ ਹੋਣ ਵਾਲੇ ਸਰੋਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਟ ਕਰਨ ਦੀ ਤੁਰੰਤ ਕਾਰਵਾਈ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਜਿੰਨ੍ਹਾਂ ਥਾਵਾਂ ‘ਤੇ ਲਾਰਵਾ ਮਿਲਿਆ, ਉੱਥੇ ਤੁਰੰਤ ਸਫਾਈ, ਸੋਰਸ ਰਿਡਕਸ਼ਨ ਅਤੇ ਪਾਣੀ ਦੀ ਨਿਕਾਸ ਬਾਰੇ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਸ਼ਹਿਰ ਹੁਸ਼ਿਆਰਪੁਰ ਵਿੱਚ ਕੁੱਲ 1792 ਘਰਾਂ ਅਤੇ ਸਕੂਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 24 ਥਾਵਾਂ ‘ਤੇ ਮੱਛਰਾਂ ਦਾ ਲਾਰਵਾ ਮਿਲਿਆ ਜੋ ਕਿ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ।
ਜਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 199 ਡੇਂਗੂ ਅਤੇ 10 ਚਿਕਨਗੁਨਿਆ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਘਰਾਂ ਵਿੱਚ ਪਿਆ ਬੇਕਾਰ ਪਾਣੀ, ਕੂਲਰ, ਛੱਤਾਂ, ਗਮਲਿਆਂ, ਪੁਰਾਣੇ ਟਾਇਰਾਂ, ਪੌਲਿਥਿਨ ਥੈਲੀਆਂ ਜਾਂ ਹੋਰ ਥਾਵਾਂ ਜਿੱਥੇ ਪਾਣੀ ਇਕੱਠਾ ਰਹਿੰਦਾ ਹੈ, ਡੇਂਗੂ ਮੱਛਰਾਂ ਦੀ ਬਰੀਡਿੰਗ ਲਈ ਸਭ ਤੋਂ ਵੱਧ ਖਤਰਨਾਕ ਹਨ।
ਇਸ ਲਈ ਉਨ੍ਹਾਂ ਨੂੰ ਸਮਝਾਇਆ ਗਿਆ ਕਿ ਹਫ਼ਤੇ ਵਿੱਚ ਇੱਕ ਵਾਰ ਸਾਰੇ ਪਾਣੀ ਵਾਲੇ ਭਾਂਡਿਆਂ ਨੂੰ ਰਗੜ ਕੇ ਧੋਣਾ ਅਤੇ ਸੁਕਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਮੱਛਰਾਂ ਦੀ ਪੈਦਾਵਾਰ ਦੇ ਚੱਕਰ ਨੂੰ ਤੋੜਿਆ ਜਾ ਸਕੇ। ਇਸ ਲਈ ਸਿਰਫ ਸਰਕਾਰੀ ਟੀਮਾਂ ਦੇ ਦੌਰੇ ਕਾਫ਼ੀ ਨਹੀਂ, ਹਰ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਦੇ ਵਾਤਾਵਰਣ ਦੀ ਨਿਯਮਿਤ ਸਫਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਦੇ ਲੱਛਣਾਂ—ਜਿਵੇਂ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਦਰਦ, ਜੋੜਾਂ ਦਾ ਦਰਦ ਅਤੇ ਚਕਤੇ—ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜੇ ਕਿਸੇ ਨੂੰ ਇਹ ਲੱਛਣ ਮਹਿਸੂਸ ਹੁੰਦੇ ਹਨ, ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸਥਾਨ 'ਤੇ ਜਾਂਚ ਕਰਵਾਏ, ਕਿਉਂਕਿ ਸਮੇਂ ਸਿਰ ਇਲਾਜ ਨਾਲ ਬਿਮਾਰੀ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ।
ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਵੱਖਵੱਖ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਡਾ ਬਲਬੀਰ ਕੁਮਾਰ
