ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ:- ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਚੈਕਿੰਗ ਕੀਤੀ ਅਤੇ ਮੱਛਰਾਂ ਦੇ ਪੈਦਾ ਹੋਣ ਦੀਆਂ ਸੰਭਾਵੀ ਥਾਵਾਂ ਦੀ ਜਾਂਚ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਦਿੱਤੀ। ਮੱਛਰਾਂ ਨੂੰ ਕਾਬੂ ਕਰਨ ਲਈ ਕੀਟਨਾਸ਼ਕ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ।

ਸਿਹਤ ਟੀਮਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪਲਦਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਅਤੇ ਉਨ੍ਹਾਂ ਸਾਰੀਆਂ ਥਾਵਾਂ ਨੂੰ ਸਾਫ਼ ਤੇ ਸੁੱਕਾ ਰੱਖਿਆ ਜਾਵੇ, ਜਿੱਥੇ ਮੱਛਰਾਂ ਦੇ ਪਲਣ ਦਾ ਖ਼ਤਰਾ ਹੋਵੇ। ਉਨ੍ਹਾਂ ਦੱਸਿਆ ਕਿ ਭਾਵੇਂ ਅੱਜਕੱਲ੍ਹ ਮੌਸਮ ਠੰਢਾ ਹੋ ਰਿਹਾ ਹੈ, ਫਿਰ ਵੀ ਨਵੰਬਰ ਦੇ ਅਖੀਰ ਤੱਕ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਰਹਿੰਦੀ ਹੈ। ਇਸ ਲਈ ਇਨ੍ਹਾਂ ਦਿਨਾਂ ਦੌਰਾਨ ਵੀ ਚੌਕਸ ਰਹਿਣ ਦੀ ਲੋੜ ਹੈ।

ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਕਿਸੇ ਵੀ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਟੀਮਾਂ ਵਿੱਚ ਆਸ਼ਾ ਵਰਕਰ, ਸਿਹਤ ਵਰਕਰ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਵੀ ਸ਼ਾਮਲ ਸਨ।