ਭੂੰਗਾ/ਗੜ੍ਹਦੀਵਾਲਾ/ਹੁਸ਼ਿਆਰਪੁਰ:- ਹੁਸ਼ਿਆਰਪੁਰ ਵਿੱਚ ਇੱਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਪਿੰਡ ਧੂਤ ਕਲਾਂ ਵਿੱਚ ਇੱਕ ਪਿਤਾ ਨੇ ਆਪਣੀ 17 ਵਰ੍ਹਿਆਂ ਦੀ ਧੀ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਉਸ ਸਮੇਂ ਵਾਪਰੀ ਜਦੋਂ ਕੁੜੀ ਦੀ ਮਾਂ ਕਿਸੇ ਘਰੇਲੂ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਘਰ ਵਿੱਚ ਧੀ ਨੂੰ ਇਕੱਲੀ ਵੇਖ ਕੇ ਪਿਓ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਕੁੜੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਤਾ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਕਤਲ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇੰਦਰਪ੍ਰੀਤ ਕੌਰ 12ਵੀਂ ਜਮਾਤ ਦੀ ਵਿਦਿਆਰਥਣ ਸੀ, ਜੋ ਦੇਸ਼ ਭਗਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧੂਤ ਕਲਾਂ ਵਿੱਚ ਪੜ੍ਹਦੀ ਸੀ। ਵਾਰਦਾਤ ਤੋਂ ਬਾਅਦ ਲੜਕੀ ਦਾ ਪਿਤਾ ਅਮਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੇ ਐੱਸ.ਐੱਚ.ਓ. ਗੁਰਬਚਨ ਸਿੰਘ, ਪੁਲਿਸ ਚੌਕੀ ਭੂੰਗਾ ਦੇ ਇੰਚਾਰਜ ਅਜਮੇਰ ਸਿੰਘ ਅਤੇ ਡੀ.ਐੱਸ.ਪੀ. ਨਰਿੰਦਰ ਸਿੰਘ ਮਨਹਾਸ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਵਾਰਦਾਤ ਨਾਲ ਸਬੰਧਤ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਇੱਥੇ ਦੱਸਣਯੋਗ ਹੈ ਕਿ ਇਹ ਲੜਕੀ ਪਰਿਵਾਰ ਦੀ ਇਕਲੌਤੀ ਧੀ ਸੀ। ਦੋਸ਼ ਹੈ ਕਿ ਪਿਤਾ ਨੇ ਸ਼ੱਕ ਦੇ ਆਧਾਰ ’ਤੇ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਨੇ ਇੱਕ ਵਾਰ ਫਿਰ ਪਰਿਵਾਰਕ ਰਿਸ਼ਤਿਆਂ ਅਤੇ ਸਮਾਜ ਵਿੱਚ ਵਧ ਰਹੀਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ, ਕਤਲ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗ ਸਕੇਗਾ। ਇਸ ਮੌਕੇ ਡੀ.ਐੱਸ.ਪੀ. ਨਰਿੰਦਰ ਸਿੰਘ ਮਨਹਾਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੜਕੀ ਦੇ ਰਿਸ਼ਤੇਦਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।