ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੀਐਮ ਰਾਹਤ ਯੋਜਨਾ ਤਹਿਤ 100 ਮਾਮਲਿਆਂ ਨੂੰ ਸਫਲਤਾਪੂਰਵਕ ਮਨਜ਼ੂਰੀ ਦੇ ਕੇ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪ੍ਰਾਪਤੀ ਆਰਟੀਓ ਅਮਨਦੀਪ ਕੌਰ ਘੁੰਮਣ ਦੀ ਨਿਗਰਾਨੀ ਅਤੇ ਜ਼ਿਲ੍ਹਾ ਰੋਲ ਆਊਟ ਮੈਨੇਜਰ ਜਸਪ੍ਰੀਤ ਸਿੰਘ ਦੇ ਸਹਿਯੋਗ ਨਾਲ ਹਾਸਲ ਕੀਤੀ ਗਈ ਹੈ। ਇਸ ਵਿੱਚ ਸਾਰੇ ਸਬੰਧਤ ਪੁਲਿਸ ਅਧਿਕਾਰੀਆਂ, ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਾਂਝੇ ਯਤਨਾਂ, ਸਮਰਪਣ ਅਤੇ ਬਿਹਤਰ ਆਪਸੀ ਤਾਲਮੇਲ ਨੇ ਅਹਿਮ ਭੂਮਿਕਾ ਨਿਭਾਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀਐਮ ਰਾਹਤ ਯੋਜਨਾ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਤੁਰੰਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜਾਨ ਬਚਾਉਣਾ ਅਤੇ ਆਰਥਿਕ ਮੁਸ਼ਕਲਾਂ ਕਾਰਨ ਇਲਾਜ ਵਿੱਚ ਹੋਣ ਵਾਲੀ ਦੇਰੀ ਨੂੰ ਰੋਕਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਯੋਗ ਹਾਦਸਾ ਪੀੜਤਾਂ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸੜਕ ਹਾਦਸੇ ਦੇ ਪੀੜਤ ਨੂੰ ਹਾਦਸੇ ਦੀ ਤਾਰੀਖ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਹਾਦਸੇ ਤੋਂ ਬਾਅਦ ਦੇ ਸ਼ੁਰੂਆਤੀ 24 ਤੋਂ 48 ਘੰਟੇ, ਜਿਨ੍ਹਾਂ ਨੂੰ ਗੋਲਡਨ ਆਵਰ ਕਿਹਾ ਜਾਂਦਾ ਹੈ, ਜਾਨ ਬਚਾਉਣ ਲਈ ਬੇਹੱਦ ਮਹੱਤਵਪੂਰਨ ਹੁੰਦੇ ਹਨ। ਇਸ ਲਈ ਜ਼ਖਮੀ ਵਿਅਕਤੀ ਨੂੰ ਤੁਰੰਤ ਨੇੜਲੇ ਸੂਚੀਬੱਧ ਹਸਪਤਾਲ ਵਿੱਚ ਪਹੁੰਚਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਵਾਲਾ ਹਰ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈਣ ਦਾ ਯੋਗ ਹੈ ਅਤੇ ਇਸ ਲਈ ਵਾਹਨ ਦਾ ਬੀਮਾ ਹੋਣਾ ਵੀ ਲਾਜ਼ਮੀ ਨਹੀਂ ਹੈ। ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਨੇੜਲੇ ਸੂਚੀਬੱਧ ਹਸਪਤਾਲ ਬਾਰੇ ਜਾਣਕਾਰੀ ਲਈ 112 ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਯੋਜਨਾ ਦਾ ਸੰਚਾਲਨ ਈ-ਡਾਰ ਅਤੇ ਨੈਸ਼ਨਲ ਹੈਲਥ ਅਥਾਰਟੀ ਦੇ ਟੀਐਮਐਸ 2.0 ਪੋਰਟਲ ਰਾਹੀਂ ਕੀਤਾ ਜਾਂਦਾ ਹੈ ਅਤੇ ਇਲਾਜ ਦਾ ਖਰਚਾ ਮੋਟਰ ਵਹੀਕਲ ਐਕਸੀਡੈਂਟ ਫੰਡ ਵਿੱਚੋਂ ਕੀਤਾ ਜਾਂਦਾ ਹੈ। ਹਿੱਟ ਐਂਡ ਰਨ ਮਾਮਲਿਆਂ ਵਿੱਚ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।
ਆਰਟੀਓ ਅਮਨਦੀਪ ਕੌਰ ਘੁੰਮਣ ਨੇ ਰਾਹ-ਵੀਰ (ਗੁੱਡ ਸਮੈਰਿਟਨ) ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੇ ਪਹਿਲੇ 60 ਮਿੰਟਾਂ ਦੇ ਅੰਦਰ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਮਦਦਗਾਰ ਨੂੰ 25 ਹਜ਼ਾਰ ਰੁਪਏ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ। ਇੱਕ ਵਿਅਕਤੀ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਇਸ ਇਨਾਮ ਦਾ ਲਾਭ ਲੈ ਸਕਦਾ ਹੈ। ਜੇਕਰ ਕਈ ਵਿਅਕਤੀ ਮਿਲ ਕੇ ਮਦਦ ਕਰਦੇ ਹਨ ਤਾਂ ਇਨਾਮ ਦੀ ਰਕਮ ਉਨ੍ਹਾਂ ਵਿੱਚ ਬਰਾਬਰ ਵੰਡੀ ਜਾਂਦੀ ਹੈ। ਸ਼ਾਨਦਾਰ ਸੇਵਾ ਕਰਨ ਵਾਲੇ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ ’ਤੇ ਇੱਕ ਲੱਖ ਰੁਪਏ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਮਦਦ ਕਰਨ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ ਨਹੀਂ ਕੀਤੀ ਜਾ ਸਕਦੀ ਅਤੇ ਨਾ ਹੀ ਉਸ ਨੂੰ ਐਫਆਈਆਰ ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਕੀਤਾ ਜਾ ਸਕਦਾ ਹੈ। ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਰਾਹ-ਵੀਰ ਆਪਣੀ ਮਰਜ਼ੀ ਨਾਲ ਉੱਥੋਂ ਜਾ ਸਕਦਾ ਹੈ।
ਆਰਟੀਓ ਅਮਨਦੀਪ ਕੌਰ ਘੁੰਮਣ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਹਾਦਸੇ ਦੀ ਸਥਿਤੀ ਵਿੱਚ ਮਨੁੱਖਤਾ ਦਾ ਸਬੂਤ ਦਿੰਦਿਆਂ ਜ਼ਖਮੀਆਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੀਤੀ ਗਈ ਮਦਦ ਕਿਸੇ ਦੀ ਅਨਮੋਲ ਜਾਨ ਬਚਾ ਸਕਦੀ ਹੈ।
