ਨਵਾਂਸ਼ਹਿਰ:- ਮਾਣਯੋਗ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਲੜਕੀਆਂ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਟੀਕਾਕਰਨ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਸਮੇਤ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਲੜਕੀਆਂ ਨੂੰ ਸਰਵਾਈਕਲ ਕੈਂਸਰ, ਜਿਸਨੂੰ ‘ਬੱਚੇਦਾਨੀ ਦੇ ਮੂੰਹ’ ਦਾ ਕੈਂਸਰ ਵੀ ਕਿਹਾ ਜਾਂਦਾ ਹੈ, ਤੋਂ ਬਚਾਉਣਾ ਹੈ। ਇਹ ਵੈਕਸੀਨ 14 ਸਾਲ ਦੀਆਂ ਉਨ੍ਹਾਂ ਲੜਕੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਆਉਣਾ ਹੈ। ਸ. ਗੁਲਪ੍ਰੀਤ ਸਿੰਘ ਔਲਖ ਨੇ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਹਦਾਇਤ ਕੀਤੀ ਤਾਂ ਜੋ ਇਸ ਉਮਰ ਵਰਗ ਦੀਆਂ 100 ਫੀਸਦ ਲੜਕੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਮਾਣਯੋਗ ਡਿਪਟੀ ਕਮਿਸ਼ਨਰ ਜੀ ਨੂੰ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਦਾ ਮੁੱਖ ਟੀਚਾ ਸੂਬੇ ਨੂੰ ਭਵਿੱਖ ਵਿੱਚ ਸਰਵੀਕਲ ਕੈਂਸਰ ਮੁਕਤ ਰਾਜ ਬਣਾਉਣਾ ਹੈ। ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਮਹਿਲਾਵਾਂ ਵਿੱਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੇਂ ਸਿਰ ਕੀਤਾ ਗਿਆ ਟੀਕਾਕਰਨ ਇਸ ਬਿਮਾਰੀ ਤੋਂ ਬਚਾਅ ਵਿੱਚ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਟੀਕਾਕਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਬਹੁਤ ਮਹਿੰਗੀ ਕੀਮਤ ਵਿਚ ਉਪਲੱਬਧ ਹੈ, ਜਦੋਂਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁੱਲ ਮੁਫ਼ਤ ਲੱਗੇਗਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਹਰਪਿੰਦਰ ਸਿੰਘ ਨੇ ਇਕ ਪ੍ਰਭਾਵਸ਼ਾਲੀ ਪ੍ਰੈਜ਼ੈਂਟੇਸ਼ਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀਆਂ ਉਨ੍ਹਾਂ ਲੜਕੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਪਰ 15ਵਾਂ ਅਜੇ ਨਹੀਂ ਆਇਆ।
ਡਾ. ਹਰਪਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਰਵਾਈਕਲ ਕੈਂਸਰ ਐੱਚ.ਪੀ.ਵੀ. ਵਾਇਰਸ ਕਾਰਨ ਹੁੰਦਾ ਹੈ ਅਤੇ ਸਮੇਂ ਸਿਰ ਵੈਕਸੀਨੇਸ਼ਨ ਕਰਵਾ ਕੇ ਇਸ ਤੋਂ ਕਾਫੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ। ਐੱਚ.ਪੀ.ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਇੱਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ, ਜਦਕਿ ਭਾਰਤ ਵਿੱਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ।
