ਖਰੜ/ਘੜੂੰਆਂ, 19 ਮਾਰਚ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਦੇਣ ਲਈ ਅਤੇ ਬਿਮਾਰੀਆਂ ਤੋਂ ਬਚਾਅ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਰਾਜ ਵਿੱਚ ਮੁਫ਼ਤ ਇਲਾਜ ਸਕੀਮਾਂ, ਟੀਕਾਕਰਣ ਮੁਹਿੰਮਾਂ ਅਤੇ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਹੀ ਯਤਨਾਂ ਦੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆ ਵਿੱਚ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਐਚ.ਪੀ.ਵੀ ਟੀਕਾ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਬਹੁਤ ਜ਼ਰੂਰੀ ਹੈ। ਖਾਸ ਕਰਕੇ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਇਹ ਟੀਕਾਕਰਣ ਬਹੁਤ ਲਾਭਦਾਇਕ ਹੈ। ਇਹ ਟੀਕਾ ਸਮੇਂ ਸਿਰ ਲਗਵਾਉਣ ਨਾਲ ਭਵਿੱਖ ਵਿੱਚ ਕੈਂਸਰ ਦੇ ਖਤਰੇ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਸਾਰੇ ਮਾਪਿਆਂ ਨੂੰ ਅਪੀਲ ਹੈ ਕਿ ਉਹ ਆਪਣੀਆਂ ਧੀਆਂ ਦਾ ਟੀਕਾਕਰਣ ਜ਼ਰੂਰ ਕਰਵਾਉਣ।
ਇਸ ਮੌਕੇ ਡਾ. ਅਮਨਪ੍ਰੀਤ, ਡਾ. ਜਸਪ੍ਰੀਤ, ਨਿਤੇਸ਼ ਅੱਤਰੀ ਫਾਰਮਾਸਿਸਟ, ਰਮਨ ਸਟਾਫ ਨਰਸ, ਪਰਵੀਨ ਅਖਤਰ ਹੈਲਥ ਸੁਪਰਵਾਈਜ਼ਰ, ਰੁਪਿੰਦਰ ਕੌਰ ਅਤੇ ਕਿਰਨਦੀਪ ਕੌਰ ਹੈਲਥ ਵਰਕਰ, ਅਤੇ ਇਸ਼ਮੀਤ ਕੌਰ ਬੀ.ਐਸ.ਏ ਵੀ ਹਾਜ਼ਰ ਸਨ।
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਦਾ ਪੂਰਾ ਲਾਭ ਲੈਣ ਅਤੇ ਆਪਣੀਆਂ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਦਾ ਟੀਕਾਕਰਣ ਕਰਵਾ ਕੇ ਉਨ੍ਹਾਂ ਨੂੰ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਬਣਾਉਣ ਵਿੱਚ ਯੋਗਦਾਨ ਪਾਉਣ।