ਨਵਾਂਸ਼ਹਿਰ (ਦੇਸ ਰਾਜ ਬਾਲੀ):- ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵੱਲੋਂ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਡਾ. ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਿੰਡ ਉੜਾਪੜ (ਨਵਾਂਸ਼ਹਿਰ) ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਅਧਿਆਪਕਾ ਸ਼੍ਰੀਮਤੀ ਸਾਰਿਕਾ ਸਕਸੈਨਾ ਨੇ ਕੀਤੀ ਅਤੇ ਕੈਂਪ ਸ਼੍ਰੀਮਤੀ ਗੁਰਬਖਸ਼ ਕੌਰ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।

ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਡਾਕਟਰੀ ਸਲਾਹ ਤੋਂ ਬਿਨਾਂ ਕਿਸੇ ਦਵਾਈ ਜਾਂ ਹੋਰ ਨਸ਼ੀਲੇ ਪਦਾਰਥ ਦੀ ਵਰਤੋਂ ਕਰਦਾ ਹੈ ਤਾਂ ਇਹ ਨਸ਼ੇ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਕਈ ਵਾਰ ਕਿਸੇ ਦੂਜੇ ਵਿਅਕਤੀ ਦੇ ਲਾਲਚ ਵਿੱਚ ਆ ਕੇ ਜਾਂ ਅਣਜਾਣਤਾ ਕਾਰਨ ਨਸ਼ਿਆਂ ਦੀ ਵਰਤੋਂ ਕਰਨ ਲੱਗ ਜਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਜਾਣ ਵਿਅਕਤੀ ਦੇ ਬਹਿਕਾਵੇ ਵਿੱਚ ਆ ਕੇ ਕਿਸੇ ਵੀ ਕਿਸਮ ਦੇ ਨਸ਼ੇ ਦੀ ਵਰਤੋਂ ਨਾ ਕਰਨ। ਨਸ਼ਿਆਂ ਤੋਂ ਬਚਣ ਲਈ ਇਸ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਹੀ ਨਸ਼ਿਆਂ ਤੋਂ ਦੂਰ ਰਿਹਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਨਾਲ ਵਿਅਕਤੀ ਦੇ ਮਾਨਸਿਕ ਅਤੇ ਸਰੀਰਕ ਵਿਕਾਸ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਨਸ਼ਿਆਂ ਕਾਰਨ ਸਰੀਰ ਤੇ ਦਿਮਾਗ ਸਹੀ ਢੰਗ ਨਾਲ ਕੰਮ ਨਹੀਂ ਕਰਦੇ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਾਂਝੇ ਯਤਨਾਂ ਨਾਲ ਸਮਾਜ ਅਤੇ ਪੰਜਾਬ/ਭਾਰਤ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਵਿੱਚੋਂ ਚੰਗੀਆਂ ਕਿਤਾਬਾਂ ਪੜ੍ਹਨ ਦੀ ਸਲਾਹ ਵੀ ਦਿੱਤੀ।

ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਉਨ੍ਹਾਂ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਅਤੇ ਪਟਾਕਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਸਟਾਫ ਮੈਂਬਰ ਸ਼੍ਰੀ ਪਰਵੇਸ਼ ਕੁਮਾਰ ਨੇ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਇੱਕ ਮਹੀਨੇ ਲਈ ਕੇਂਦਰ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਬਿਲਕੁਲ ਮੁਫ਼ਤ ਕਰਵਾ ਸਕਦਾ ਹੈ।

ਇਸ ਮੌਕੇ ਅਧਿਆਪਕਾ ਸ਼੍ਰੀਮਤੀ ਗੁਰਬਖਸ਼ ਕੌਰ ਨੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਰੈੱਡ ਕਰਾਸ ਦੀ ਆਈ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਸਕੂਲ ਨਸ਼ਾ ਮੁਕਤ ਭਾਰਤ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮਾਂ ਵਿੱਚ ਪੂਰਾ ਸਹਿਯੋਗ ਕਰਦਾ ਰਹੇਗਾ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਾ ਰਹੇਗਾ।

ਇਸ ਮੌਕੇ ਮੀਨਾ ਰਾਣੀ, ਸੁਨੀਤਾ ਦੇਵੀ, ਟਵਿੰਕਲ, ਸ਼ਭਲਾ ਰਾਣੀ, ਅਮਨਦੀਪ ਕੌਰ ਭੱਟੀ, ਸੁਖਵੀਰ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।